
ਕਾਂਗਰਸ ਦੇ ਵਿਧਾਇਕ ਫਤਿਹਜੰਗ ਬਾਜਵਾ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਇਜਲਾਸ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸੱਦਿਆ ਗਿਆ ਹੈ। ਖੇਤੀ ਕਾਨੂੰਨਾਂ ਵਿਰੋਧੀ ਖਰੜਾ ਵਿਧਾਨ ਸਭਾ ਵਿਚ ਕੱਲ੍ਹ ਪੇਸ਼ ਕੀਤਾ ਜਾਵੇਗਾ।
Punjab Vidhan Sabha
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤ ਵਿਚ ਲਿਆਂਦਾ ਜਾ ਰਿਹਾ ਖਰੜਾ ਅੱਜ ਟੇਬਲ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਕਾਂਗਰਸ ਦੇ ਵਿਧਾਇਕ ਫ਼ਤਿਹਜੰਗ ਬਾਜਵਾ ਨੇ ਦਿੱਤੀ ਹੈ। ਉਹਨਾਂ ਦੱਸਿਆ ਕਿ ਇਹ ਬਿੱਲ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ।
Punjab Govt
ਦੱਸ ਦਈਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਰੋਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਨਵਾਂ ਬਿੱਲ ਪਾਸ ਕੀਤਾ ਜਾਵੇਗਾ। ਇਸ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਹੰਗਾਮੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Capt. Amarinder Singh
ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।