
ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ।
ਮੁਹਾਲੀ: ਪੰਜਾਬ ਪੁਲਿਸ ਦੇ ਏਆਈਜੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿਚ ਫਸੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਹਨਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਉਹਨਾਂ ਨੂੰ ਮੈਡੀਕਲ ਉਪਰੰਤ ਰੋਪੜ ਜੇਲ੍ਹ ਭੇਜ ਦਿੱਤਾ ਗਿਆ।
ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਬਚਾਅ ਪੱਖ ਦੇ ਵਕੀਲ ਐਚ. ਐਸ. ਧਨੋਆ ਨੇ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਟਰੈਪ ਕੇਸ ਵਿਚ ਦੁਬਾਰਾ ਰਿਮਾਂਡ ਦੀ ਕੋਈ ਗੁੰਜਾਇਸ਼ ਨਹੀਂ ਹੁੰਦੀ।
ਵਕੀਲ ਨੇ ਕਿਹਾ ਕਿ ਸੁੰਦਰ ਸ਼ਾਮ ਅਰੋੜਾ ਦੇ ਘਰੋਂ ਮਿਲੇ ਪੈਸਿਆਂ ਸੰਬੰਧੀ ਇਨਕਮ ਟੈਕਸ ਵਿਭਾਗ ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਮਗਰੋਂ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ।