
ਅਦਾਲਤ ਵਲੋਂ ਐਸ.ਪੀ. ਬਿਕਰਮਜੀਤ ਸਿੰਘ ਸਮੇਤ ਚਾਰ ਵਿਅਕਤੀਆਂ ਨੂੰ ਪੇਸ਼ ਹੋਣ ਦੇ ਹੁਕਮ
ਕੋਟਕਪੂਰਾ, 18 ਨਵੰਬਰ (ਗੁਰਿੰਦਰ ਸਿੰਘ) : ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਅਪਣੇ ਇਕ ਹੁਕਮ 'ਚ ਬਹਿਬਲ ਕਲਾਂ ਗੋਲੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਐਸ.ਪੀ. ਬਿਕਰਮਜੀਤ ਸਿੰਘ, ਥਾਣਾ ਬਾਜਾਖ਼ਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਸਮੇਤ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿਤਾ ਸੀ ਪਰ ਅੱਜ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਅੱਜ ਛੁੱਟੀ 'ਤੇ ਹੋਣ ਕਾਰਨ ਕੋਈ ਵੀ ਕਾਰਵਾਈ ਨਹੀ ਹੋ ਸਕੀ ਅਤੇ ਅੱਜ ਇਸ ਅਦਾਲਤ ਦੀ ਫ਼ਾਈਲ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ 9 ਅਕਤੂਬਰ ਨੂੰ ਐਸ.ਪੀ. ਬਿਕਰਮਜੀਤ ਸਿੰਘ, ਬਾਜਾਖ਼ਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਵਕੀਲ ਸੁਹੇਲ ਸਿੰਘ ਬਰਾੜ ਵਿਰੁਧ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ ਪਰ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ, ਬਿਕਰਮਜੀਤ ਸਿੰਘ ਅਤੇ ਸੁਹੇਲ ਸਿੰਘ ਬਰਾੜ ਉਸ ਦਿਨ ਅਦਾਲਤ 'ਚ ਪੇਸ਼ ਨਹੀਂ ਹੋਏ ਸਨ, ਜਿਸ ਕਾਰਨ ਅਦਾਲਤ ਨੇ ਇਨ੍ਹਾਂ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿਤੇ ਸਨ ਪਰ ਫਿਰ ਵੀ ਉਹ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਹੀ ਹੋਏ ਜਿਸ 'ਤੇ ਹੁਣ ਅਦਾਲਤ ਨੇ 25 ਨਵੰਬਰ ਲਈ ਐਸ.ਪੀ. ਬਿਕਰਮਜੀਤ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਅਤੇ ਸੁਹੇਲ ਸਿੰਘ ਬਰਾੜ ਨੂੰ ਦੁਬਾਰਾ ਨੋਟਿਸ ਜਾਰੀ ਕਰਦਿਆਂ ਅਦਾਲਤ 'ਚ ਪੇਸ਼ ਹੋਣ ਲਈ ਹੁਕਮ ਦਿਤੇ ਹਨ, ਜਦਕਿ ਅੱਜ ਅਦਾਲਤ 'ਚ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਨੂੰ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ।