
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ 'ਚ...
ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ 'ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਮੁੱਖ ਮੰਤਰੀ ਨੇ ਮ੍ਰਿਤਕ ਹਰੀਸ਼ ਕੁਮਾਰ ਜੋ ਕਬਾੜ ਡੀਲਰ ਸੀ, ਦੇ ਪਰਿਵਾਰ ਲਈ ਤਿੰਨ ਲੱਖ ਰੁਪਏ ਅਤੇ ਜ਼ਖਮੀ ਲਈ 50,000 ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਰਾਜ ਕੁਮਾਰ ਨੂੰ ਬਿਹਤਰੀਨ ਇਲਾਜ ਮੁਫਤ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਆਪਣੀ ਹਦਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਝਾਅ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਫੌਰੀ ਕਾਰਵਾਈ ਕਰਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਐਡੀਸ਼ਨਲ ਡਿਪਟੀ ਮੈਜਿਸਟ੍ਰੇਟ ਨੂੰ ਜਾਂਚ ਦਾ ਜ਼ਿੰਮਾ ਸੌਂਪਿਆ ਹੈ। ਮੁੱਖ ਮੰਤਰੀ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।