
ਕਿਸਾਨੀ ਅੰਦੋਲਨ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਬਿਨਾਂ ਆਗਿਆ ਮਾਲ ਰੋਡ ’ਤੇ ਕਰ ਰਹੇ ਸੀ ਪ੍ਰਦਰਸ਼ਨ
ਸ਼ਿਮਲਾ, 19 ਜਨਵਰੀ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਤਿੰਨ ਕਿਸਾਨਾਂ ਨੂੰ ਸਥਾਨਕ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਇਸ ਘਟਨਾ ਦੀ ਵੀਡੀਉ ਵੀ ਸਾਹਮਣੇ ਆਈ ਹੈ। ਪੁਲਿਸ ਵਲੋਂ ਕਿਸਾਨਾਂ ਨਾਲ ਧੱਕਾਮੁੱਕੀ ਵੀ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਵੀ ਮੌਜੂਦ ਸਨ।
ਇਹ ਕਿਸਾਨ ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਸਨ ਤੇ ਇਹ ਰਿਜ ਮੈਦਾਨ ’ਤੇ ਕਿਸਾਨੀ ਸੰਘਰਸ਼ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ। ਹਾਲਾਂਕਿ ਸ਼ਿਮਲਾ ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਨੌਜਵਾਨ ਬਿਨਾਂ ਆਗਿਆ ਤੋਂ ਪ੍ਰਦਰਸ਼ਨ ਕਰ ਰਹੇ ਸਨ। ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸ਼ਿਮਲਾ ਪੁਲਿਸ ਦੇ ਵਰਤਾਅ ਦੀ ਕਾਫ਼ੀ ਨਿਖੇਧੀ ਵੀ ਕੀਤੀ ਜਾ ਰਹੀ ਹੈ।
ਸਥਾਨਕ ਲੋਕਾਂ ਨੇ ਵੀ ਨੌਜਵਾਨ ਕਿਸਾਨਾਂ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਸਵਾਲ ਚੁੱਕੇ ਪਰ ਪੁਲਿਸ ਵਲੋਂ ਕੋਈ ਵੀ ਜਵਾਬ ਨਹੀਂ ਦਿਤਾ ਗਿਆ। ਵਾਇਰਲ ਵੀਡੀਉ ਵਿਚ ਨੌਜਵਾਨ ਕਹਿ ਰਿਹਾ ਹੈ ਕਿ ਉਹ ਤਿੰਨ ਲੋਕ ਸਨ ਤੇ ਉਹ ਸ਼ਾਂਤਮਈ ਢੰਗ ਨਾਲ ਅਪਣਾ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਿਸੇ ਵੀ ਤਰ੍ਹਾਂ ਦੀ ਨਾਹਰੇਬਾਜ਼ੀ ਨਹੀਂ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਮੀਡੀਆ ਕਰਮਚਾਰੀਆਂ ਨਾਲ ਵੀ ਧੱਕਾਮੁੱਕੀ ਕੀਤੀ। (ਪੀ.ਟੀ.ਆਈ)