
ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੂੰ ਅਪੀਲ...
ਚੰਡੀਗੜ : ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਦੀ ਰੀੜ੍ਹ ਦੀ ਹੱਡੀ ਸਹਿਕਾਰੀ ਬੈਂਕਾਂ ਦੀ ਮਜ਼ਬੂਤੀ ਲਈ ਅੱਗੇ ਆਉਣ, ਨਾ ਕਿ ਧਨਾਢ ਕਿਸਾਨਾਂ ਨੂੰ ਬਚਾਉਣ ਲਈ ਸਹਿਕਾਰਤਾ ਲਹਿਰ ਨੂੰ ਲੀਹੋਂ ਲਾਉਣ ਦੀ ਕੋਸ਼ਿਸ਼ ਨਾ ਕਰਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਦੇ ਢਾਂਚੇ ਨੂੰ ਹਿਲਾਉਣ ਦਾ ਮਤਬਲ ਹੈ ਕਿ ਛੋਟੇ ਕਿਸਾਨਾਂ ਦਾ ਨੁਕਸਾਨ ਕਰਨਾ।
ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਵਲੋਂ ਛੋਟੇ ਕਿਸਾਨਾਂ ਖਿਲਾਫ ਕੋਈ ਸਖਤੀ ਨਹੀਂ ਕੀਤੀ ਜਾ ਰਹੀ, ਸਗੋਂ ਧਨਾਢ ਕਿਸਾਨਾਂ ਤੋਂ ਰਿਕਵਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 5 ਏਕੜ ਦੀ ਮਾਲਕੀ ਵਾਲੇ ਕਿਸਾਨਾਂ ਅਤੇ 10 ਲੱਖ ਰੁਪਏ ਤੱਕ ਦੇ ਕਰਜ਼ੇ ਵਾਲੇ ਕਿਸਾਨਾਂ ਖਿਲਾਫ ਬੈਂਕਾਂ ਨੇ ਕੋਈ ਸਖਤੀ ਨਹੀਂ ਕੀਤੀ ਪ੍ਰੰਤੂ 10 ਲੱਖ ਤੋਂ ਕਰੋੜਾਂ ਰੁਪਏ ਤੱਕ ਕਰਜ਼ਾ ਲੈਣ ਵਾਲੇ ਧਨਾਢ ਕਿਸਾਨਾਂ ਤੋਂ ਰਿਕਵਰੀ ਲਈ ਸਹਿਕਾਰੀ ਬੈਂਕ ਪੂਰੀ ਕਾਨੂੰਨੀ ਚਾਰਾਜੋਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਕੇਸ ਯੂਨੀਅਨ ਰੱਖ ਰਹੀਆਂ ਹਨ, ਸਰਕਾਰ ਵਲੋਂ ਉਨ੍ਹਾਂ ਵਿਚੋਂ 70 ਫੀਸਦੀ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਚੁੱਕੀ ਹੈ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜੇਕਰ ਸਹਿਕਾਰੀ ਬੈਂਕਾਂ ਮਜ਼ਬੂਤ ਹੋਣਗੀਆਂ ਤਾਂ ਹੀ ਉਹ ਛੋਟੇ ਕਿਸਾਨਾਂ ਦੀ ਮੱਦਦ ਕਰਨ ਦੇ ਕਾਬਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਕਿਸਾਨਾਂ ਵਾਸਤੇ ਹੀ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਸਲੀ ਕਰਜ਼ੇ ਲੈਣ ਵਾਲੇ ਕਿਸਾਨਾਂ ਤੋਂ ਸਕਿਓਰਟੀ ਵਜੋਂ ਕੋਈ ਚੈਕ ਨਹੀਂ ਜਮ੍ਹਾਂ ਕਰਵਾਏ ਜਾਂਦੇ।