
ਸਰਕਾਰ ਦੇ ਫੈਸਲੇ ਨੇ ਦੁਨੀਆ ਭਰ ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ- ਹਰਸਿਮਰਤ ਬਾਦਲ
ਚੰਡੀਗੜ੍ਹ: ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵਲੋਂ ਰੋਕ ਲਗਾਉਣ ਦੇ ਮਾਮਲੇ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਾਲੇ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
Harsimrat Kaur Badal
ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਗ੍ਰਹਿ ਮੰਤਰਾਲਾ ਅਤੇ ਭਾਰਤ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਨਿਗੂਣੇ ਤੱਥਾਂ ਦੇ ਆਧਾਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਸ੍ਰੀ ਨਨਕਾਣਾ ਸਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜੱਥੇ ਨੂੰ ਕੀਤੇ ਇਨਕਾਰ ਦੇ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ।
Nankana Sahib
ਉਹਨਾਂ ਕਿਹਾ ਕਿ ਇਸ ਇਨਕਾਰ ਨਾਲ ਸਿੱਖ ਕੌਮ ਦੇ ਸਰਵਉੱਚ ਅਹੁਦੇ ਦਾ ਤਾਂ ਅਪਮਾਨ ਹੋਇਆ ਹੀ ਹੈ, ਇਸ ਦੇ ਨਾਲ ਹੀ ਇਸ ਫੈਸਲੇ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ। ਇਕ ਹੋਰ ਟਵੀਟ ਕਰਦਿਆਂ ਉਹਨਾਂ ਲਿਖਿਆ ਕਿ ਗੁਰਦੁਆਰਾ ਸੁਧਾਰ ਲਹਿਰ ਨਾਲ ਜੁੜੇ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ, ਸਿੱਖ ਭਾਈਚਾਰੇ ਦੇ ਮਨਾਂ 'ਚ ਵਿਸ਼ੇਸ਼ ਮਹੱਤਵ ਰੱਖਦੀ ਹੈ।
Harsimrat Kaur Badal
ਭਾਰਤ ਸਰਕਾਰ ਨੂੰ ਕੌਮ ਵੱਲੋਂ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਪਾਕਿਸਤਾਨ ਵਿਖੇ ਇਸ ਇਤਿਹਾਸਕ ਮੌਕੇ ਦੀ ਯਾਦਗਾਰ ਮਨਾਉਣ ਦੇ ਮੌਕੇ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਬੀਬੀ ਬਾਦਲ ਨੇ ਕਿਹਾ ਕਿ ਸਾਰੇ ਤੀਰਥ ਅਸਥਾਨਾਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਰੁਝਾਨ ਨੂੰ ਧਿਆਨ ਨੂੰ ਧਿਆਨ ਵਿਚ ਰੱਖਦੇ ਹੋਏ, ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।
Captain Amrinder Singh
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਨਨਕਾਣਾ ਸਾਹਿਬ ਜਾਣ ਦੀ ਆਗਿਆ ਦੀ ਨਾਮਨਜ਼ੂਰੀ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸੰਜੀਦਾ ਮੁੱਦੇ 'ਤੇ ਭਾਰਤ ਸਰਕਾਰ ਅੱਗੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣਾ ਬਣਦਾ ਫਰਜ਼ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਨਹੀਂ ਨਿਭਾ ਰਹੇ? ਦੱਸ ਦਈਏ ਕਿ ਭਾਰਤ ਸਰਕਾਰ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ’ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ।