
ਕਿਹਾ-ਜਾਣਬੁੱਝ ਕੇ ਵਿਦਿਆਰਥੀਆਂ ਦੀ ਪੜ੍ਹਾਈ ਖ਼ਰਾਬ ਕਰ ਰਹੀ ਸਰਕਾਰ
ਪਟਿਆਲਾ (ਅਮਰਜੀਤ ਸਿੰਘ): ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਫਿਰ ਤੋਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ। ਸਰਕਾਰ ਦੇ ਫੈਸਲੇ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
Students Protest
ਸਰਕਾਰ ਦੇ ਇਸ ਫ਼ਰਮਾਨ ਵਿਰੁੱਧ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸੜਕ ’ਤੇ ਰੋਸ ਮਾਰਚ ਕਰਦਿਆਂ ਯੂਨੀਵਰਸਿਟੀ ਵਿਚ ਪੱਕਾ ਧਰਨਾ ਲਗਾਇਆ ਅਤੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੁੱਖ ਲਾਇਬ੍ਰੇਰੀ ਦੇ ਸਾਹਮਣੇ ਪੱਕਾ ਧਰਨਾ ਲਗਾ ਦਿੱਤਾ ਹੈ।
Student
ਵਿਦਿਆਰਥੀਆਂ ਨੇ ਹੱਥਾਂ ਵਿਚ ਅਪਣੀਆਂ ਮੰਗਾਂ ਸਬੰਧੀ ਬੈਨਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ਲਿਖਿਆ ਹੋਇਆ ਸੀ ‘‘ਕੋਈ ਵੀ ਵਿਦਿਆਰਥੀ ਹੋਸਟਲ ਛੱਡ ਕੇ ਨਾ ਜਾਵੇ, ਜੇਕਰ ਕੋਈ ਵੀ ਅਧਿਕਾਰੀ ਹੋਸਟਲ ਛੱਡਣ ਲਈ ਮਜਬੂਰ ਕਰਦਾ ਹੈ ਤਾਂ ਯੂਨੀਅਨ ਆਗੂਆਂ ਨਾਲ ਸੰਪਰਕ ਕੀਤਾ ਜਾਵੇ।’’
Student
ਇਸ ਮੌਕੇ ਬੋਲਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਫ਼ਰਮਾਨਾਂ ਕਾਰਨ ਪਹਿਲਾਂ ਹੀ ਉਨ੍ਹਾਂ ਦੀ ਪੜ੍ਹਾਈ ਦਾ ਕਾਫ਼ੀ ਨੁਕਸਾਨ ਹੋ ਚੁੱਕਿਆ ਹੈ, ਹੁਣ ਫਿਰ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਕਰਵਾਉਣਾ ਚਾਹੁੰਦੀ ਹੈ ਪਰ ਉਹ ਯੂਨੀਵਰਸਿਟੀ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਨੂੰ ਬੰਦ ਕਰਨ ਦੇ ਫ਼ਰਮਾਨ ਵਾਪਸ ਲਵੇ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।