
ਪ੍ਰਧਾਨ ਮੰਤਰੀ ਮੋਦੀ ਨੂੰ ਰੁਲਦੂ ਸਿੰਘ ਮਾਨਸਾ ਦਾ ਚੈਲੰਜ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਕੋਈ ਰੈਲੀ ਕਰਕੇ ਵਿਖਾਉਣ
ਸ੍ਰੀ ਮੁਕਤਸਰ ਸਾਹਿਬ - ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਇਕ ਰਾਜ ਸਭਾ ਮੈਂਬਰ ਵਲੋਂ ਕਿਸਾਨਾਂ ਪ੍ਰਤੀ ਬਿਆਨਬਾਜ਼ੀ ਬੁਖਲਾਹਟ ਦੀ ਨਿਸ਼ਾਨੀ ਹੈ ਅਤੇ ਭਾਜਪਾ ਦੀ ਰਾਜਨੀਤਕ ਮੌਤ ਜਲਦੀ ਹੈ, ਕਿਉਂਕਿ ਪੱਛਮੀ ਬੰਗਾਲ ਵਿਚ ਵੀ ਭਾਜਪਾ ਹਾਰਨ ਜਾ ਰਹੀ ਹੈ।
Ruldu Singh Mansa
ਇਸ ਰੈਲੀ ਦੌਰਾਨ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਉਹਨਾਂ ਸੂਬਾ ਸਰਕਾਰ ਵਲੋਂ ਕੋਰੋਨਾ ਦੌਰਾਨ ਕੀਤੀ ਜਾ ਰਹੀ ਸਖ਼ਤੀ ਦਾ ਵਿਰੋਧ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਵਿਚ ਵੀ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਦੀ ਸਰਕਾਰ ਵੀ ਖੇਤੀ ਸੈਕਟਰ ਲਈ ਪੂਰੀ ਬਿਜਲੀ ਨਹੀਂ ਦੇ ਰਹੀ।
Ruldu Singh Mansa
ਹਰਿਆਣਾ ਤੋਂ ਰਾਜ ਸਭਾ ਮੈਂਬਰ ਰਾਮ ਚੰਦਰ ਦੇ ਕਿਸਾਨਾਂ ਸਬੰਧੀ ਦਿੱਤੇ ਬਿਆਨ ਦੀ ਵੀ ਉਹਨਾਂ ਨੇ ਨਿੰਦਾ ਕੀਤੀ। ਉਹਨਾਂ ਕਿਹਾ ਕਿ ਜਿੰਨਾਂ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹਨ ਉਥੇ ਕਿਸਾਨ ਭਾਜਪਾ ਵਿਰੁੱਧ ਪ੍ਰਚਾਰ ਕਰ ਰਹੇ ਹਨ ਅਤੇ ਭਾਜਪਾ ਉਥੇ ਹਾਰੇਗੀ ਵੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਚੈਲੰਜ ਕੀਤਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਕੋਈ ਰੈਲੀ ਕਰਕੇ ਵਿਖਾਉਣ।
Farmers Protest
ਉਨ੍ਹਾਂ ਕਿਹਾ ਕਿ ਇਸ ਸਮੇਂ ਸੰਯੁਕਤ ਮੋਰਚੇ ਵਲੋਂ 26 ਮਾਰਚ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਾਰਤ ਬੰਦ ਸਫ਼ਲ ਬਣਾਉਣ ਅਤੇ ਸ਼ਹੀਦੀ ਸਮਾਗਮ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।