
ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 117 'ਚੋਂ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਰਾਜ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਉਹਨਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।
ਚੰਡੀਗੜ੍ਹ: ਪੰਜਾਬ ਤੋਂ ਖਾਲੀ ਹੋਣ ਵਾਲੀਆਂ 5 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 117 'ਚੋਂ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ 'ਤੇ ਉਹਨਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।
ਇਸ ਦੇ ਨਾਲ ਹੀ ਹੁਣ ਆਮ ਆਦਮੀ ਪਾਰਟੀ ਦੀ ਦੇਰੀ ਨੂੰ ਵਿਰੋਧੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਇਸ 'ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਨੇ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬੀਆਂ ਨੇ ਉਹਨਾਂ 'ਤੇ ਵਿਸ਼ਵਾਸ ਦਿਖਾਇਆ ਹੈ। ਉਮੀਦ ਹੈ ਕਿ ਉਹ ਪੰਜਾਬੀਆਂ ਨੂੰ ਨਾਮਜ਼ਦ ਕਰਵਾ ਕੇ ਇਸ ਨੂੰ ਕਾਇਮ ਰੱਖਣਗੇ।
ਪੰਜਾਬ ਤੋਂ ਰਾਜ ਸਭਾ ਲਈ 3 ਨਾਂਅ ਚਰਚਾ ਵਿਚ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਰਸਮੀ ਐਲਾਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ। ਪਹਿਲਾ ਨਾਂਅ ਕ੍ਰਿਕਟਰ ਹਰਭਜਨ ਸਿੰਘ ਦਾ ਹੈ। ਹਰਭਜਨ ਸਿੰਘ ਨੇ ਕੁਝ ਮਹੀਨੇ ਪਹਿਲਾਂ ਹੀ ਕ੍ਰਿਕਟ ਤੋਂ ਸੰਨਿਆਸ ਲਿਆ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਹਨ। ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਉਹਨਾਂ ਨੂੰ ਸੌਂਪਣ ਦੀ ਤਿਆਰੀ ਹੈ।
ਦੂਜਾ ਨਾਂਅ ਦਿੱਲੀ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਦਾ ਹੈ। ਉਹਨਾਂ ਦੀ ਰਣਨੀਤੀ ਸਦਕਾ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡੀ ਜਿੱਤ ਮਿਲੀ। ਤੀਜਾ ਨਾਂਅ ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਦਾ ਹੈ। ਪ੍ਰੋਫੈਸਰ ਪਾਠਕ ਨੇ ਪੰਜਾਬ ਚੋਣਾਂ ਦੌਰਾਨ ਪਰਦੇ ਪਿੱਛੇ ਰਹਿ ਕੇ ‘ਆਪ’ ਦੀ ਜਿੱਤ ਦੀ ਰਣਨੀਤੀ ਵਿਚ ਅਹਿਮ ਭੂਮਿਕਾ ਨਿਭਾਈ ਸੀ।