
Jaito Encounter News: ਮੁਠਭੇੜ ਵਿਚ ਗੰਭੀਰ ਜ਼ਖ਼ਮੀ ਹੋਇਆ ਮੁਲਜ਼ਮ
Chand Bhan Jaito Encounter News: ਫ਼ਰੀਦਕੋਟ ਵਿੱਚ ਪੁਲਿਸ ਨੇ ਮੁਠਭੇੜ ਤੋਂ ਬਾਅਦ ਸਕਾਰਪੀਓ ਸਵਾਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਜੈਤੋ ਦੀ ਟੀਮ ਨੇ ਜੈਤੋ ਦੇ ਬਠਿੰਡਾ ਰੋਡ 'ਤੇ ਪਿੰਡ ਚੰਦਭਾਨ ਦੇ ਡਰੇਨ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਬਠਿੰਡਾ ਵੱਲੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਗੱਡੀ 'ਚ ਸਵਾਰ ਲੋਕਾਂ ਨੇ ਰੁਕਣ ਦੀ ਬਜਾਏ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਬੈਰੀਕੇਡ 'ਤੇ ਜਾ ਲੱਗੀ।
ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਕਾਰਵਾਈ ਦੌਰਾਨ ਸੁਰਿੰਦਰ ਸਿੰਘ ਉਰਫ਼ ਗਗਨੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਐਸਐਸਪੀ ਡਾਕਟਰ ਪ੍ਰਗਿਆ ਜੈਨ ਅਤੇ ਹੋਰ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਇਜ਼ਾ ਲਿਆ।
ਐਸਐਸਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਸੁਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ ਅਤੇ ਉਸ ਕੋਲੋਂ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।