ਸਾਰੇ ਸ਼ਾਪਿੰਗ ਮਾਲ, ਦੁਕਾਨਾਂ ਅਤੇ ਬਾਜ਼ਾਰ ਐਤਵਾਰ ਨੂੰ  ਰਹਿਣਗੇ ਬੰਦ : ਕੈਪਟਨ 
Published : Apr 20, 2021, 6:34 am IST
Updated : Apr 20, 2021, 6:34 am IST
SHARE ARTICLE
image
image

ਸਾਰੇ ਸ਼ਾਪਿੰਗ ਮਾਲ, ਦੁਕਾਨਾਂ ਅਤੇ ਬਾਜ਼ਾਰ ਐਤਵਾਰ ਨੂੰ  ਰਹਿਣਗੇ ਬੰਦ : ਕੈਪਟਨ 

ਰਾਤ ਦੇ ਕਰਫ਼ਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤਕ ਕੀਤਾ

ਚੰਡੀਗੜ੍ਹ, 19 ਅਪ੍ਰੈਲ (ਭੁੱਲਰ): ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ  ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿਤੇ ਜੋ ਕਿ ਕਲ ਤੋਂ ਲਾਗੂ ਹੋਣਗੇ | ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨਿਚਰਵਾਰ ਤਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ  ਸਿਰਫ਼ ਖਾਣਾ ਘਰ ਲਿਜਾਣ ਅਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿਤੀ ਗਈ ਹੈ | ਨਿਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ | ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ |

ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ਼ ਸਸਕਾਰ ਨੂੰ  ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਾ ਮਨਜ਼ੂਰੀ ਜ਼ਰੂਰੀ ਕਰਾਰ ਦਿਤੀ ਗਈ ਹੈ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ  ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤਕ ਲਾਗੂ ਰਹਿਣਗੀਆਂ | ਮੁੱਖ ਮੰਤਰੀ ਨੇ ਪੁਲਿਸ ਵਿਭਾਗ ਨੂੰ  ਇਹ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਨ ਅਤੇ ਲੋੜ ਪੈਣ ਉੱਤੇ ਸਿਵਲ ਸੁਸਾਇਟੀ ਸੰਗਠਨਾਂ ਦੀ ਮਦਦ ਲੈਣ ਦੇ ਵੀ ਹੁਕਮ ਦਿਤੇ | ਸਮੁੱਚੇ ਹਫ਼ਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ |
ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪਧਰੀ ਵਰਚੂਅਲ ਮੀਟਿੰਗ ਨੂੰ  ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿਤੇ ਕਿ ਉਡਾਣਾਂ ਰਾਹੀਂ ਪੰਜਾਬ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰੀਪੋਰਟ ਹੋਣੀ ਚਾਹੀਦੀ ਹੈ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰ.ਏ.ਟੀ. ਜਾਂਚ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਹੁਕਮ ਦਿਤੇ ਕਿ ਜਿਨ੍ਹਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ (ਧਾਰਮਕ/ਸਿਆਸੀ/ਸਮਾਜਕ), ਉਨ੍ਹਾਂ ਨੂੰ  ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ | ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ  ਨਿਰਦੇਸ਼ ਦਿਤੇ ਕਿ ਬਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫ਼ੀ ਸਦੀ ਰੱਖੀ ਜਾਵੇ |
ਸੂਬੇ ਵਿਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਸਬੰਧੀ ਮੁੱਖ ਮੰਤਰੀ ਨੇ ਨਿਰਦੇਸ਼ ਦਿਤੇ ਕਿ ਬਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ.) ਜਾਂਚ ਬੂਥ ਸਥਾਪਤ ਕੀਤੇ ਜਾਣ ਅਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇ | ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇ | ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿਤੇ ਕਿ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇ |  
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚਲੀਆਂ ਫ਼ੌਜੀ ਛਾਉਣੀਆਂ ਦੇ ਹਸਪਤਾਲਾਂ ਨੇ ਸੂਬਾ ਸਰਕਾਰ ਨੂੰ  ਇਹ ਯਕੀਨ ਦਵਾਇਆ ਹੈ ਕਿ ਕੋਵਿਡ ਕੇਸਾਂ 'ਚ ਵਾਧੇ ਨੂੰ  ਨੱਥ ਪਾਉਣ ਲਈ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਜਦੋਂ ਕਿ ਨਿਜੀ ਹਸਪਤਾਲਾਂ ਨੂੰ  ਕੋਵਿਡ ਦੇ ਮਰੀਜ਼ਾਂ ਲਈ 75 ਫ਼ੀ ਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਵੀ ਦਿਤੇ ਗਏ ਹਨ | ਕੋਈ ਵੀ ਚੋਣਵਾਂ ਓਪਰਸ਼ਨ 15 ਮਈ ਤਕ ਕਿਸੇ ਵੀ ਸਰਕਾਰੀ ਜਾਂ ਨਿਜੀ ਹਸਪਤਾਲ ਵਿਚ ਨਾ ਕੀਤਾ ਜਾਵੇ ਅਤੇ ਸਾਰੇ ਓ.ਪੀ.ਡੀ. ਮਰੀਜ਼ਾਂ ਦੀ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ  ਟੀਕਾਕਰਨ ਲਈ ਵੀ ਉਤਸ਼ਾਹਤ ਕੀਤਾ ਜਾਵੇ |
ਸੂਬੇ ਦੇ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਹੈਲਪਲਾਈਨ ਨੰਬਰ 104 ਵੀ ਚਾਲੂ ਰਹੇਗਾ | ਆਕਸੀਜਨ ਦੀ ਲੋੜ ਅਤੇ ਉਪਲਬੱਧਤਾ ਉੱਤੇ ਕਰੜੀ ਨਜਰਸਾਨੀ ਕੀਤੀ ਜਾਵੇਗੀ ਅਤੇ ਇਸ ਨੂੰ  ਸਰਕਾਰੀ ਅਤੇ ਨਿਜੀ ਦੋਵਾਂ ਹਸਪਤਾਲਾਂ ਲਈ ਯਕੀਨੀ ਬਣਾਉਣ ਹਿੱਤ ਇਕ ਕਮੇਟੀ ਕੰਮ ਕਰੇਗੀ ਜਿਸ ਵਿਚ ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ, ਡਾਇਰੈਕਟਰ ਉਦਯੋਗ ਅਤੇ ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਐਮ.ਡੀ. ਸ਼ਾਮਲ ਹੋਣਗੇ |
 ਮੁੱਖ ਮੰਤਰੀ ਨੇ ਟਰੇਸਿੰਗ ਵਿਚ ਵਾਧਾ ਕਰਨ ਲਈ ਵੀ ਹੁਕਮ ਦਿਤੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੇ ਟਾਕਰੇ ਲਈ ਲੋੜ ਪੈਣ 'ਤੇ ਸਿੱਧੀ ਭਰਤੀ ਕਰਨ ਦੇ ਨਿਰਦੇਸ਼ ਵੀ ਦਿਤੇ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਮੌਕੇ ਜਾਣਕਾਰੀ ਦਿਤੀ ਕਿ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਸ.ਡੀ.ਆਰ.ਐਫ. ਵਿਚੋਂ ਡਿਪਟੀ ਕਮਿਸ਼ਨਰਾਂ ਨੂੰ  1-1 ਕਰੋੜ ਰੁਪਏ ਦੇ ਦਿਤੇ ਗਏ ਹਨ | ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ  ਸਿਹਤ ਵਿਭਾਗ ਦੀ ਮਦਦ ਲਈ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਸਿਖਿਆ ਵਿਭਾਗ ਦੇ ਕਰਮਚਾਰੀਆਂ ਜਿਨ੍ਹਾਂ ਵਿਚ ਅਧਿਆਪਕ ਵੀ ਸ਼ਾਮਲ ਹਨ, ਨੂੰ  ਕੋਵਿਡ ਪਾਜ਼ੇਟਿਵ ਪਾਏ ਗਏ ਵਿਅਕਤੀਆਂ ਦੇ ਸੰਪਰਕਾਂ ਦੀ ਤੇਜ਼ੀ ਨਾਲ ਭਾਲ ਕਰਨ ਲਈ ਲਗਾਇਆ ਜਾ ਰਿਹਾ ਹੈ |
ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਕਿਹਾ ਕਿ ਸੂਬੇ ਦੀ ਪਾਜ਼ੇਟੀਵਿਟੀ ਦਰ 7.8 ਫ਼ੀ ਸਦੀ ਉੱਤੇ ਸਥਿਰ ਸੀ ਪਰ ਅਪ੍ਰੈਲ 15 ਨੂੰ  ਇਹ ਵਧ ਕੇ 12.6 ਫ਼ੀ ਸਦੀ ਤਕ ਪਹੁੰਚ ਗਈ ਜਿਸ ਵਿਚ ਮੋਹਾਲੀ ਦੀ ਦਰ ਸੱਭ ਤੋਂ ਵੱਧ 36.53 ਫ਼ੀ ਸਦੀ ਰਹੀ | ਉਨ੍ਹਾਂ ਕਿਹਾ ਕਿ ਜੇਕਰ ਲੁਧਿਆਣਾ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਅੰਮਿ੍ਤਸਰ ਅਤੇ ਪਟਿਆਲਾ ਵਿਚ ਹੰਗਾਮੀ ਕਦਮ ਨਾ ਚੁੱਕੇ ਗਏ ਤਾਂ ਇਹ ਸੂਬੇ ਵਿਚ 5 ਮਈ ਤਕ ਇਕ ਦਿਨ ਵਿਚ 6000 ਕੇਸ ਸਾਹਮਣੇ ਆਉਣ ਦਾ ਕਾਰਨ ਬਣਨਗੇ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਸਮੁੱਚੀ ਫੋਰਸ ਨੂੰ  ਸਖ਼ਤ ਕਦਮ ਚੁੱਕਣ ਲਈ ਸਰਗਰਮ ਕੀਤਾ ਜਾ ਰਿਹਾ ਹੈ ਜਦਕਿ ਹੰਗਾਮੀ ਯੋਜਨਾਬੰਦੀ ਵੀ ਕੀਤੀ ਜਾ ਰਹੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਤਾਂ ਕਿ ਵਿਭਾਗ ਸਥਿਤੀ ਉਤੇ ਪਕੜ ਬਣਾਈ ਰੱਖੇ | ਉਨ੍ਹਾਂ ਕਿਹਾ ਕਿ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਨੂੰ  ਰੋਕਣ ਲਈ ਮਾਲਜ ਅਤੇ ਮੈਰਿਜ਼ ਪੈਲੇਸਾਂ ਦੁਆਲੇ ਪੁਲਿਸ ਨਾਕੇ ਲਾਏ ਜਾ ਰਹੇ ਹਨ | ਉਨ੍ਹਾਂ ਦਸਿਆ ਕਿ 600 ਕੋਵਿਡ ਨਿਗਰਾਨ ਲਾਏ ਗਏ ਹਨ |

ਡੱਬੀ

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁਧਵਾਰ ਨੂੰ  ਮੁਹਾਲੀ ਵਿਚ ਲਾਕਡਾਊਨ ਰਹੇਗਾ
ਸੂਬੇ ਵਿਚ ਵਧ ਰਹੇ ਕੋਵਿਡ ਕੇਸਾਂ ਨੂੰ  ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ  ਮੁਕੰਮਲ ਲੌਕਡਾਊਨ ਰਹੇਗਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ  ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵਲੋਂ ਮੁਹਾਲੀ ਵਿਚ ਲਾਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿਚ ਲਾਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫ਼ੀਕੇਸ਼ਨ ਜਾਰੀ ਹੋ ਜਾਵੇਗੀ | ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਲੋਕਾਂ ਨੂੰ  ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ |

ਡੱਬੀ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਚ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ  ਮਨਜ਼ੂਰੀ ਦੇਣ ਦੀ ਕੀਤੀ ਮੰਗ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ  ਵੈਕਸੀਨ ਦੀ ਸਪਲਾਈ ਤੁਰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ  ਫੌਰੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ | ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਵਿਜੀ ਮਹਾਜਨ ਨੇ ਮੁੱਖ ਮੰਤਰੀ ਨੂੰ  ਦਸਿਆ ਕਿ ਸਥਿਤੀ ਨਾਜ਼ੁਕ ਹੈ ਅਤੇ ਸਿਰਫ਼ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ | ਮੈਡੀਕਲ ਸਿਖਿਆ ਮੰਤਰੀ ਓ.ਪੀ. ਸੋਨੀ ਨੇ ਅੰਮਿ੍ਤਸਰ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਦੀ ਘਾਟ ਦਾ ਜ਼ਿਕਰ ਕੀਤਾ ਜਦਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਭਾਵੇਂ ਇੰਡੀਨ ਆਇਲ ਲਿਮਟਡ ਸੂਬੇ ਨੂੰ  ਸਪਲਾਈ ਮੁਹਈਆ ਕਰਵਾ ਰਿਹਾ ਹੈ ਪਰ ਸਥਿਤੀ ਚਿੰਤਾਜਨਕ ਹੈ | ਉਨ੍ਹਾਂ ਦਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਮੰਗ-ਸਪਲਾਈ ਉਤੇ ਨੇੜਿਓਾ ਨਿਗ੍ਹਾ ਰੱਖੀ ਜਾ ਰਹੀ ਹੈ |
 

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement