
ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ।
ਚੰਡੀਗੜ੍ਹ: ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਾਂਗਰਸ ਅਲਕਾ ਲਾਂਬਾ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਪੰਜਾਬ ਪੁਲਿਸ ਦੇ ਸਿਆਸੀਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਉਹ ਅਲਕਾ ਲਾਂਬਾ ਨਾਲ ਥਾਣੇ ਤੱਕ ਜਾਣਗੇ।
ਨਵਜੋਤ ਸਿੱਧੂ ਨੇ ਲਿਖਿਆ, “ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਵਿਰੁੱਧ ਪੁਲਿਸ ਕਾਰਵਾਈ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਵਰਤੋਂ ਉਹਨਾਂ ਦੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਕੀਤੀ ਜਾ ਰਹੀ ਹੈ। ਕਾਂਗਰਸ ਅਲਕਾ ਜੀ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ”।
ਦੱਸ ਦੇਈਏ ਕਿ ਰੂਪਨਗਰ ਪੁਲਿਸ ਨੇ ਬੁੱਧਵਾਰ ਨੂੰ ਕੁਮਾਰ ਵਿਸ਼ਵਾਸ ਅਤੇ ਕਾਂਗਰਸ ਨੇਤਾ ਅਲਕਾ ਲਾਂਬਾ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ 26 ਅਪ੍ਰੈਲ ਨੂੰ ਰੂਪਨਗਰ ਸਦਰ ਥਾਣੇ 'ਚ ਪੁੱਛਗਿੱਛ ਲਈ ਤਲਬ ਕੀਤਾ ਹੈ।