
ਐਸਵਾਈਐਲ ਮੁੱਦੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ
ਚੰਡੀਗੜ੍ਹ: ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਪੰਜਾਬ ਦੀ ਸੁਰੱਖਿਆ ਸਮੱਗਰੀ, ਸਰੋਤਾਂ ਅਤੇ ਨੌਕਰਸ਼ਾਹੀ ਦੀ ਵਰਤੋਂ ਦੂਜੇ ਸੂਬਿਆਂ 'ਚ ਆਪਣੀ ਮੌਜੂਦਗੀ ਵਧਾਉਣ ਲਈ ਕਰਨ ਦਾ ਇਲਜ਼ਾਮ ਲਗਾਇਆ। ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਬਾਜਵਾ ਨੇ ਕੇਜਰੀਵਾਲ ’ਤੇ ਪੰਜਾਬ ਸਰਕਾਰ ਨੂੰ ਰਿਮੋਟ ਕੰਟਰੋਲ ਨਾਲ ਚਲਾਉਣ ਦਾ ਇਲਜ਼ਾਮ ਲਾਇਆ।
ਉਹਨਾਂ 'ਆਪ' 'ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਹਨਾਂ ਨੇ ਗਾਰੰਟੀ ਪੂਰੀ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਵੀ ਮੰਗਿਆ ਹੈ। ਬਾਜਵਾ ਨੇ ਮਾਨ ਨੂੰ ਐਸਵਾਈਲ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਉਹਨਾਂ ਨੇ ਆਮ ਆਦਮੀ ਪਾਰਟੀ, ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੰਸਦ ਮੈਂਬਰਾਂ ਕੋਲੋਂ SYL ਮੁੱਦੇ 'ਤੇ 'ਆਪ' ਹਰਿਆਣਾ ਦੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਦੇ ਬਿਆਨ 'ਤੇ ਸਪੱਸ਼ਟੀਕਰਨ ਮੰਗਿਆ ਹੈ।
ਬਾਜਵਾ ਨੇ ਕਿਹਾ, “ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ ਅਤੇ ਸੂਬੇ ਵਿਚ ਪਾਣੀ ਦੀ ਸੰਭਾਲ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਰੂਪਰੇਖਾ ਤਿਆਰ ਕਰਨੀ ਚਾਹੀਦੀ ਹੈ। ਜੇਕਰ ਉਹ ਸਾਨੂੰ ਸਾਰਿਆਂ ਨੂੰ ਭਰੋਸੇ ਵਿਚ ਨਹੀਂ ਲੈਂਦੇ ਅਤੇ ਇਕ ਸਹੀ ਯੋਜਨਾਬੱਧ ਦ੍ਰਿਸ਼ਟੀਕੋਣ ਦੀ ਰੂਪਰੇਖਾ ਨਹੀਂ ਉਲੀਕਦੇ ਤਾਂ ਆਮ ਆਦਮੀ ਪਾਰਟੀ ਅਸਲ ਵਿਚ ਐਸਵਾਈਐਲ ਨਹਿਰ ਅਤੇ ਪੰਜਾਬ ਦੇ ਪਾਣੀਆਂ ਦੀ ਵੰਡ ਦੇ ਸਮਰਥਨ ਵਿਚ ਹੈ”।
ਉਹਨਾਂ ਕਿਹਾ ਕਿ ਕੇਜਰੀਵਾਲ ਇਹ ਸਪਸ਼ਟ ਕਰਨ ਕਿ ਐਸਵਾਈਐਲ ਨੂੰ ਲੈ ਕੇ ਸੁਸ਼ੀਲ ਗੁਪਤਾ ਦਾ ਬਿਆਨ ਉਹਨਾਂ ਦਾ ਨਿੱਜੀ ਬਿਆਨ ਹੈ ਜਾਂ ਪਾਰਟੀ ਦਾ ਬਿਆਨ ਹੈ। ਬਾਜਵਾ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸਵਾਲ ਕੀਤਾ ਕਿ ਉਹ ਐਸਵਾਈਐਲ ਦੇ ਮੁੱਦੇ "ਤੇ ਕਿਉਂ ਨਹੀਂ ਬੋਲੇ? ਉਹਨਾਂ ਕਿਹਾ ਕਿ ਲੋਕਾਂ ਨੇ ਤਾਕਤ ਭਗਵੰਤ ਮਾਨ ਨੂੰ ਸੌਂਪੀ ਸੀ ਪਰ ਸਾਰਾ ਕੰਮ ਰਾਘਵ ਚੱਢਾ ਕਰ ਰਹੇ ਹਨ। ਅਫਸਰਾਂ ਦੀਆਂ ਮੀਟਿੰਗਾਂ ਲੈ ਰਹੇ ਹਨ, ਦਿੱਲੀ ਤੋਂ ਸਰਕਾਰ ਚੱਲ ਰਹੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ 300 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਐਲਾਨ ਸਬੰਧੀ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਭਰਮਾ ਕੇ ਵੋਟਾਂ ਹਾਸਲ ਕੀਤੀਆਂ ਹਨ। ਵਿਧਾਇਕ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਦਿਨ ਵਿਚ ਸਿਰਫ਼ 2 ਘੰਟੇ ਬਿਜਲੀ ਆ ਰਹੀ ਹੈ। ਪੰਜਾਬ ਵਿਚ ਬਹੁਤ ਵੱਡਾ ਬਿਜਲੀ ਸੰਕਟ ਪੈਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ‘ਆਪ’ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਲਈ 24 ਘੰਟੇ ਬਿਜਲੀ ਸਪਲਾਈ ਕਰਨ ਸਬੰਧੀ ਵ੍ਹਾਈਟ ਪੇਪਰ ਜਾਰੀ ਕਰੇ। ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ ਦੀ ਟੀਮ ਨੂੰ ਲੈ ਕੇ ਵੀ ਬਾਜਵਾ ਨੇ ‘ਆਪ’ ਸਰਕਾਰ ’ਤੇ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਕਤਲ ਹੋ ਰਹੇ ਹਨ, ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਮਾੜੀ ਹੈ।
ਉਹਨਾਂ ਕਿਹਾ ਕਿ ਅਸੀਂ ਇਸ ਕਾਰਵਾਈ ਦੀ ਨਿਖੇਧੀ ਕਰਦੇ ਹਾਂ। ਬਾਜਵਾ ਨੇ ਸਵਾਲ ਕੀਤਾ ਕਿ ਕੀ ਪੰਜਾਬ ਪੁਲਿਸ ਇਸੇ ਕੰਮ ਲਈ ਰਹਿ ਗਈ ਹੈ? ਉਹਨਾਂ ਕਿਹਾ ਕਿ ‘ਆਪ’ ਦਾਅਵਾ ਕਰਦੀ ਸੀ ਕਿ ਅਸੀਂ ‘ਬਦਲਾਅ’ ਲਈ ਆਏ ਹਾਂ ਪਰ ਇਹ ‘ਬਦਲੇ’ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਸੀਨੀਅਰ ਮਹਿਲਾ ਅਫ਼ਸਰ ਨੂੰ ਪੰਜਾਬ ਵਿੱਤ ਵਿਭਾਗ ਵਿਚ ਨਿਯੁਕਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਇਸ ਸਬੰਧੀ ਸਪੱਸ਼ਟੀਕਰਨ ਦੇਣ। ਪ੍ਰਤਾਪ ਬਾਜਵਾ ਨੇ ਸੀਐਮ ਮਾਨ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਹੁਣ ਤੱਕ ਭ੍ਰਿਸ਼ਟਾਚਾਰ ਸਬੰਧੀ ਕਿੰਨੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਕਿੰਨੇ ਲੋਕਾਂ ਤੇ ਕਾਰਵਾਈ ਕੀਤੀ ਗਈ ਹੈ।