
ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਕੀਤਾ ਐਲਾਨ
ਚੰਡੀਗੜ੍ਹ: ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਹਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਤਕਨਾਲੋਜੀ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਵੀ ਮੌਜੂਦ ਸਨ।
CM Bhagwant Mann
ਮੀਟਿੰਗ ਦੌਰਾਨ ਸਾਰੇ ਰੈਂਕਾਂ ਦੇ 23000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਟੇਟ ਪੁਲਿਸ ਹੈੱਡਕੁਆਰਟਰ, ਸਾਰੇ ਜ਼ਿਲ੍ਹਾ ਪੁਲਿਸ ਦਫਤਰਾਂ, ਪੁਲਿਸ ਸਟੇਸ਼ਨਾਂ, ਸਿਖਲਾਈ ਕੇਂਦਰਾਂ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਫਤਰ, ਇੰਟੈਲੀਜੈਂਸ ਦਫ਼ਤਰ, ਸਾਂਝ ਕੇਂਦਰ, ਵੱਖ-ਵੱਖ ਹਥਿਆਰਬੰਦ ਬਟਾਲੀਅਨਾਂ ਅਤੇ ਰੇਲਵੇ ਪੁਲਿਸ ਵਿਖੇ ਸਥਾਪਿਤ ਕੀਤੇ ਗਏ 933 ਵੀਡੀਓ ਕਾਨਫਰੰਸਿੰਗ (ਵੀ.ਸੀ.) ਸਥਾਨਾਂ ਤੋਂ ਸਾਰੇ ਰੈਂਕਾਂ ਦੇ ਪੁਲਿਸ ਕਰਮਚਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਹੈ।
Punjab Police
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਪੁਲਿਸ ਦੇ ਕੰਮਕਾਜ ਵਿੱਚ ਕੋਈ ਦਖਲਅੰਦਾਜ਼ੀ ਨਾ ਹੋਣ ਦਾ ਭਰੋਸਾ ਦਿੰਦਿਆਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਪੇਸ਼ੇਵਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਕਰਨ ਲਈ ਵੀ ਕਿਹਾ।
CM Bhagwant Mann
ਪੰਜਾਬ ਪੁਲਿਸ ਦੀ ਭਲਾਈ ਲਈ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਤੋਂ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਐਲਾਨ ਵੀ ਕੀਤਾ। ਉਹਨਾਂ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਿੱਚੋਂ ਇੱਕ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪੂਰੇ ਸੁਹਿਰਦ ਯਤਨਾਂ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਉਹਨਾਂ ਨੇ ਪੁਲਿਸ ਨੂੰ ਲੋਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਵੀ ਕਿਹਾ।
CM Bhagwant Mann
ਉਹਨਾਂ ਕਿਹਾ ਕਿ ਪੁਲਿਸ ਦੀ ਨੌਕਰੀ ਚੁਣੌਤੀਪੂਰਨ ਤੇ ਬੜੀ ਸਖ਼ਤ ਹੈ ਅਤੇ ਵਧੀਆ ਕਾਰਗੁਜ਼ਾਰੀ ਦੇ ਬਾਵਜੂਦ ਵੀ ਪੁਲਿਸ ਨੂੰ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ। ਜ਼ਿਕਰਯੋਗ ਹੈ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਪੁਲਿਸ ਕਰਮੀਆਂ ਨੂੰ ਉਹਨਾਂ ਦੇ ਜਨਮ ਦਿਨ ‘ਤੇ ਵਧਾਈ ਦੇਣ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਹੁਣ ਤੱਕ ਕੁੱਲ 5650 ਪੁਲਿਸ ਮੁਲਾਜਮਾਂ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਵਧਾਈਆਂ ਦਿੱਤੀਆਂ ਜਾ ਚੁੱਕੀਆਂ ਹਨ।