
ਸਵੇਰੇ 7.30 ਤੋਂ ਬਾਅਦ ਦੁਪਹਿਰ 2 ਵਜੇ ਤਕ ਖੁੱਲ੍ਹਣਗੇ ਦਫ਼ਤਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਸਮੀ ਤੌਰ 'ਤੇ 2 ਮਈ 2023 ਤੋਂ 15 ਜੁਲਾਈ 2023 ਤੱਕ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਸਮੇਤ ਚੰਡੀਗੜ੍ਹ ਅਤੇ ਪੰਜਾਬ ਵਿਚ ਸਥਿਤ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.00 ਵਜੇ ਬੰਦ ਹੋ ਜਾਣਗੇ।
ਪੰਜਾਬ ਸਰਕਾਰ ਨੇ ਇਹ ਫ਼ੈਸਲਾ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਬੱਚਤ ਕਰਨ ਦੇ ਚਲਦਿਆਂ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਨਾਲ 300-350 ਮੈਗਾਵਾਟ ਬਿਜਲੀ ਦੀ ਬੱਚਤ ਹੋਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਵਰਕੌਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਖਪਤ ਦਾ ਪੀਕ ਲੋਡ ਦਿਨ ਵਿਚ ਦੁਪਹਿਰ ਇਕ ਵਜੇ ਤੋਂ ਸ਼ੁਰੂ ਹੁੰਦਾ ਹੈ। ਇਸੇ ਦੌਰਾਨ ਬਿਜਲੀ ਦਾ ਵੱਡਾ ਹਿੱਸਾ ਸਰਕਾਰੀ ਦਫ਼ਤਰਾਂ ’ਚ ਖਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਦੁਪਹਿਰ 2 ਵਜੇ ਦਫ਼ਤਰ ਬੰਦ ਹੋਣ ਨਾਲ ਸਰਕਾਰੀ ਦਫ਼ਤਰਾਂ ਵਿਚ ਵਰਤੀ ਜਾਣ ਵਾਲੀ ਬਿਜਲੀ ਨੂੰ ਬਚਾਇਆ ਜਾ ਸਕੇਗਾ।