
ਗ੍ਰੰਥੀ ਨੇ ਮੰਗ ਕੀਤੀ ਹੈ ਕਿ ਇਸ ਵਾਰ ਪੰਜਾਬ ਦਾ ਮੁੱਖ ਮੰਤਰੀ ਦਲਿਤ ਸਮਾਜ ਵਿਚੋਂ ਬਣਾਇਆ ਜਾਵੇ।
ਬਠਿੰਡਾ (ਵਿਕਰਮ ਕੁਮਾਰ)- ਬਠਿੰਡਾ ਦੇ ਬੀੜ ਤਲਾਬ ਬਸਤੀ ਨੰਬਰ ਦੋ ਵਿਚ ਗੁਰਦੁਆਰਾ ਸਾਹਿਬ ਵਿਚ ਅੱਜ ਗ੍ਰੰਥੀ ਗੁਰਮੇਲ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਹੋਇਆ ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸੌਦਾ ਸਾਧ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਗਈ ਹੈ। ਜਿਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਕਤ ਗ੍ਰੰਥੀ ਸਿੰਘ ਤੇ ਕਾਰਵਾਈ ਕਰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਗ੍ਰੰਥੀ ਗੁਰਮੇਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਅਤੇ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਸੌਦਾ ਸਾਧ ਦੀ ਰਿਹਾਈ ਜਿਸ ਲਈ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚਾਲਾਂ ਚੱਲ ਕੇ ਡੇਰਾ ਮੁਖੀ ਨੂੰ ਜੇਲ੍ਹ ਵਿੱਚ ਬੰਦ ਕਰਵਾਇਆ ਹੈ ਲਈ ਅਰਦਾਸ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਇਸ ਵਾਰ ਪੰਜਾਬ ਦਾ ਮੁੱਖ ਮੰਤਰੀ ਦਲਿਤ ਸਮਾਜ ਵਿਚੋਂ ਬਣਾਇਆ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰੰਥੀ ਇਕ ਮਹਿਲਾ ਸਰਪੰਚ ਦਾ ਪਤੀ ਹੈ ਅਤੇ ਪਹਿਲਾਂ ਵੀ ਵਿਵਾਦਾਂ ਵਿਚ ਰਿਹਾ ਹੈ। ਅੱਜ ਇਸ ਨੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕੀਤੀ ਕਿ ਸੱਚਾ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਚੋਂ ਰਿਹਾ ਕਰਵਾਓ ਅਤੇ ਮੈਂ ਉਨ੍ਹਾਂ ਨੂੰ ਰਿਹਾਈ ਤੋਂ ਬਾਅਦ ਇਸ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਆਵਾਂ ।