
ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਸਲਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਤਿੰਨ ਵਿਅਕਤੀਆਂ ਨੂੰ ਇਸ ਸਬੰਧੀ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਇਲਾਕਿਆਂ ਨਾਲ ਸਬੰਧਤ ਥਾਣਿਆਂ 'ਚ ਕੇਸ ਦਰਜ ਕੀਤੇ ਗਏ ਹਨ। ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਮੌਜੂਦ ਸਨ।
ਜਦੋਂ ਉਹ ਸਰਾਏ ਅਮਾਨਤ ਖਾਂ ਤੋਂ ਬੁਰਜ ਪਿੰਡ ਵੱਲ ਜਾ ਰਹੇ ਸੀ ਤਾਂ ਭੁਸੇ ਮੋੜ ਕੋਲ ਮੋਟਰਸਾਈਕਲ ਨੰਬਰ ਪੀਬੀ46 ਕਿਊ 4546 'ਤੇ ਸਵਾਰ ਨੌਜਵਾਨ ਨੂੰ 500 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ। ਮਨਪ੍ਰੀਤ ਸਿੰਘ ਮਨੀ ਪੁੱਤਰ ਰਣਧੀਰ ਸਿੰਘ ਵਾਸੀ ਭਕਨਾ ਕਲਾਂ ਪਿੰਡ ਵਜੋਂ ਪਛਾਣ 'ਚ ਆਏ ਮੁਲਜ਼ਮ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਸੇ ਤਰ੍ਹਾਂ ਹੀ ਥਾਣਾ ਸਰਹਾਲੀ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਸਰਹਾਲੀ ਕਲਾਂ ਨੂੰ ਉਸਦੇ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਦੀ ਅਗਲੀ ਜਾਂਚ ਸਬ ਇੰਸਪੈਕਟਰ ਸਲਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਦੋਂਕਿ ਸੀਆਈਏ ਸਟਾਫ ਪੱਟੀ ਦੇ ਏਐੱਸਆਈ ਸੁਖਦੇਵ ਸਿੰਘ ਨੇ ਜਸਪਾਲ ਸਿੰਘ ਪ੍ਰਿੰਸ ਪੁੱਤਰ ਨੰਦਪਾਲ ਸਿੰਘ ਵਾਸੀ ਪੱਖੋਕੇ ਨੂੰ ਉਸਦੇ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।