
ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਖ਼ਲ ਕੀਤੀ ਸਟੇਟਸ ਰਿਪੋਰਟ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਫਸੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਸਟੇਟਸ ਰਿਪੋਰਟ ਹਾਈ ਕੋਰਟ 'ਚ ਸੌਂਪ ਦਿੱਤੀ ਹੈ। ਇਸ ਮਾਮਲੇ 'ਚ ਸਾਬਕਾ ਆਈਜੀ ਅਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਹਾਈ ਕੋਰਟ 'ਚ ਚੱਲ ਰਹੇ ਇਸ ਮਾਮਲੇ ਵਿਚ ਉਹਨਾਂ ਨੂੰ ਪਾਰਟੀ ਬਣਾਉਣ ਦੀ ਮੰਗ ਕੀਤੀ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਹਨਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਹਾਈ ਕੋਰਟ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ, ਉਹਨਾਂ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਦੂਜੇ ਪਾਸੇ ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਦਾਇਰ ਕਰਦੇ ਹੋਏ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸਹੀ ਚੱਲ ਰਹੀ ਹੈ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਆਪਸ ਵਿੱਚ ਜੁੜੇ ਹੋਏ ਹਨ। ਪਰ ਉਹਨਾਂ ਨੂੰ ਕੋਟਕਪੂਰਾ ਮਾਮਲੇ ਵਿਚ ਕੀਤੀ ਜਾ ਰਹੀ ਜਾਂਚ ਦੀ ਕਾਪੀ ਨਹੀਂ ਮਿਲ ਸਕੀ ਹੈ।
ਕੁਝ ਦੇਰ ਚੱਲੀ ਬਹਿਸ ਤੋਂ ਬਾਅਦ ਹੁਣ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 24 ਮਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਹਾਈ ਕੋਰਟ ਉਸ ਦਿਨ ਹੁਕਮ ਜਾਰੀ ਕਰ ਸਕਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਸੀ।