
ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਨੂੰ ਡੀਜ਼ਲ ਅਤੇ ਪਟਰੌਲ ਉਪਰ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੂੰ ਜ਼ਿਲਾ ਪੱਧਰੀ ....
ਚੰਡੀਗੜ੍ਹ:- ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਨੂੰ ਡੀਜ਼ਲ ਅਤੇ ਪਟਰੌਲ ਉਪਰ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੂੰ ਜ਼ਿਲਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਸਮੁੱਚੀ ਜਥੇਬੰਦੀ ਵਲੋਂ ਇਕੱਤਰ ਹੋ ਕੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ 'ਤੇ ਵਿਸਥਾਰਤ ਮੈਮੋਰੰਡਮ ਪੇਸ਼ ਕੀਤਾ ਜਾਵੇਗਾ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਕੰਮ ਲਈ ਪਾਰਟੀ ਦੇ ਸਾਰੇ ਕੋਰ ਕਮੇਟੀ ਦੇ ਮੈਬਰਾਂ ਦੀਆਂ ਡਿਉੂਟੀਆਂ ਜ਼ਿਲਾਵਾਰ ਲਗਾ ਦਿੱਤੀਆਂ ਗਈਆਂ ਹਨ।
ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਬੇਹੱਦ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਪੈਟਰੋਲ ਅਤੇ ਡੀਜਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਿਚ ਸਭ ਤੋਂ ਵੱਡਾ ਬੋਝ ਪੰਜਾਬ ਦੀ ਸਰਕਾਰ ਵੱਲੋਂ ਲਗਾਏ ਗਏ ਟੈਕਸਾਂ ਦਾ ਹੈ।