
ਪ੍ਰਧਾਨ ਮੰਤਰੀ ਵਲੋਂ ਬੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ .....
ਚੰਡੀਗੜ੍ਹ : ਪ੍ਰਧਾਨ ਮੰਤਰੀ ਵਲੋਂ ਬੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਹੂ-ਬ-ਹੂ ਲਾਗੂ ਕਰਨ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਣੇ ਕਿਸਾਨੀ ਭਾਈਚਾਰੇ ਲਈ ਹੋਰ ਭਲਾਈ ਪਹਲਕਦਮੀਆਂ ਦਾ ਐਲਾਨ ਹੋਵੇਗਾ।
ਮੁੱਖ ਮੰਤਰੀ ਨੇ ਅੱਜ ਇਥੇ ਇਕ ਬਿਆਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿੱਚ ਘਿਰੇ ਖੇਤੀ ਸੈਕਟਰ 'ਚ ਲੋੜੀਂਦੇ ਸੁਧਾਰ ਲਈ ਇਸ ਮੰਚ ਦੀ ਵਰਤੋਂ ਕਰਨ ਕਿਉਂਕਿ ਇਸ ਸੈਕਟਰ ਨੂੰ ਕੇਂਦਰੀ ਸਹਾਇਤਾ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋ ਮੁਦਿਆਂ 'ਤੇ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਕਿਸਾਨੀ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ।
ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਇਹ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਕਿਸਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਨਮੋਂ ਐਪ ਦੇ ਰਾਹੀਂ ਪ੍ਰਸਤਾਵਿਤ ਗੱਲਬਾਤ ਇਸ ਖੇਤਰ ਵਿੱਚ ਠੋਸ ਨਤੀਜੇ ਕੱਢੇਗੀ ਅਤੇ ਇਹ ਸਿਰਫ ਮੀਡੀਆ ਵਿੱਚ ਹੀ ਚਰਚਾ ਲਈ ਨਹੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਕੇਂਦਰ ਸਰਕਾਰ ਵਲੋਂ ਖੇਤੀ ਕਰਜ਼ੇ ਮੁਆਫੀ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਪੂਰੀ ਤਰ੍ਹਾਂ ਲਾਗੂ ਕਰਨ ਦੇ ਮੁੱਦੇ ਪਿਛਲੇ ਐਤਵਾਰ ਹੋਈ ਨੀਤੀ ਆਯੋਗ ਦੀ ਮੀਟਿੰਗ ਸਣੇ ਵੱਖ-ਵੱਖ ਮੰਚਾਂ 'ਤੇ ਵੀ ਉਠਾਏ ਹਨ ਅਤੇ ਇਨ੍ਹਾਂ ਨੂੰ ਲਾਗੂ ਕਰਨ 'ਤੇ ਜ਼ੋਰ ਪਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਕੇਂਦਰ ਵਲੋਂ ਸ਼ੁਰੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਗੱਲਬਾਤ ਦੌਰਾਨ ਇਸ ਸਬੰਧੀ ਐਲਾਨ ਸਾਹਮਣੇ ਆਉਣਗੇ।