
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਦੇ ਕੱਚਾ ਜੀਰਾ ਰੋਡ ਨੇੜੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਅਤੇ ਸੋਨੀਆ ਵਾਸੀ ਇਨਕਮ ਟੈਕਸ ਕਲੋਨੀ, ਜਲੰਧਰ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਫ਼ਿਰੋਜ਼ਪੁਰ ਸਦਰ ਥਾਣੇ ਦੇ ਇੰਚਾਰਜ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਓਵਰ ਸਪੀਡ ਸੀ। ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਅਮਿਤ ਅਤੇ ਸੋਨੀਆ ਜਲੰਧਰ ਤੋਂ ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਲੋਨੀ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਸਨ। ਵਾਪਸ ਆਉਂਦੇ ਸਮੇਂ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਉਨ੍ਹਾਂ ਦੀ ਜਾਨ ਚਲੀ ਗਈ।
ਇੰਸਪੈਕਟਰ ਰਵੀ ਅਨੁਸਾਰ ਕਾਨੂੰਨੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿਤਾ ਗਿਆ ਹੈ। ਜਿਸ ਸਥਾਨ 'ਤੇ ਇਹ ਹਾਦਸਾ ਵਾਪਰਿਆ ਹੈ, ਉਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਸੜਕ ਤੋਂ ਉੱਪਰ ਸੀਵਰੇਜ ਹੈ, ਜਿਸ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਹੁਣ ਤੱਕ ਕਈ ਲੋਕ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ।