
ਕਾਂਗਰਸ ਨੇ ਮੁੱਖ ਮੰਤਰੀ ਦੇ ਫ਼ੈਸਲੇ ਦਾ ਕੀਤਾ ਵਿਰੋਧ ਅਤੇ ‘ਆਪ’ ਨੇ ਕੀਤਾ ਕਾਂਗਰਸ ’ਤੇ ਤਿੱਖਾ ਪਲਟਵਾਰ
Punjab News: ਪੰਜਾਬ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਲਿਸ ਅਤੇ ਤਸਕਰਾਂ ਦਾ ਨੈਕਸਸ ਤੋੜਨ ਲਈ ਪੁਲਿਸ ਮੁਲਾਜ਼ਮ ਨੂੰ ਰੋਟੇਸ਼ਨ ਦੀ ਨੀਤੀ ਤਹਿਤ ਇਕ ਦੂਜੇ ਜ਼ਿਲ੍ਹਿਆਂ ਵਿਚ ਬਦਲਣ ਨੂੰ ਲੈ ਕੇ ਸਿਆਸਤ ਭਖ ਗਈ ਹੈ। ਪੰਜਾਬ ਕਾਂਗਰਸ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।
ਦੂਜੇ ਪਾਸੇ ‘ਆਪ’ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਪਰ ਸਖ਼ਤ ਪਲਟਵਾਰ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਨੂੰ ਇਕ ਦੂਜੇ ਜ਼ਿਲੇ੍ਹ ਵਿਚ ਦੂਰ ਦੁਰਾਡੇ ਬਦਲਣਾ ਨਸ਼ਿਆਂ ਦੇ ਮਸਲੇ ਦਾ ਹੱਲ ਨਹੀਂ। ਸ਼ੱਕੀ ਕੁੱਝ ਮੁਲਾਜ਼ਮ ਬਦਲੇ ਜਾ ਸਕਦੇ ਹਨ ਪਰ ਸੱਭ ਨੂੰ ਦੂਰ ਬਦਲ ਦੇਣ ਦੀ ਨੀਤੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ‘ਆਪ’ ਸਰਕਾਰ ਪੁਲਿਸ ਮੁਲਾਜ਼ਮਾਂ ਤੇ ਬਦਲੇ ਦੀ ਕਾਰਵਾਈ ਕਰ ਰਹੀ ਹੈ ਕਿਉਂਕਿ ਬਹੁਤੇ ਪੁਲਿਸ ਵਾਲਿਆਂ ਨੇ ਇਸ ਵਾਰ ਕਾਂਗਰਸ ਨੂੰ ਵੋਟ ਪਾਈ ਹੈ। ਉਨ੍ਹਾਂ ਪੰਜਾਬ ਸਾਰਕਾਰ ਤੋਂ ਇਹ ਤਬਾਦਲਾ ਨੀਤੀ ਵਾਪਸ ਲੈਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਪੁਲਿਸ ਵਿਭਾਗ ਵਿਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ’ਤੇ ਸਵਾਲ ਚੁੱਕੇ ਹਨ। ‘ਆਪ’ ਨੇ ਇਨ੍ਹਾਂ ਤਬਾਦਲਿਆਂ ਨੂੰ ਰੁਟੀਨ ਪ੍ਰਕਿਰਿਆ ਦਸਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿਜੀ ਹਿਤ ਦਾਅ ’ਤੇ ਲੱਗ ਗਏ ਹਨ। ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਨਵੇਂ ਚੁਣੇ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਕੁੱਝ ਪੁਲਿਸ ਮੁਲਾਜ਼ਮ ਡਰੱਗ ਨੈਕਸਸ ਦਾ ਹਿੱਸਾ ਹਨ, ਇਸ ਲਈ ਇਸ ਨੈਕਸਸ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਤਬਾਦਲੇ ਕਰਨ ਦਾ ਫ਼ੈਸਲਾ ਕੀਤਾ ਹੈ। ਕੰਗ ਨੇ ਕਾਂਗਰਸੀ ਆਗੂ ਦੀ ਪ੍ਰਤੀਕਿਰਿਆ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਨ੍ਹਾਂ ਤਬਾਦਲਿਆਂ ਤੋਂ ਕਿਉਂ ਪ੍ਰੇਸ਼ਾਨ ਹਨ?
ਕੰਗ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਿਸਟਮ ਵਿਚ ਵੜਿੰਗ ਦੀਆਂ ਨਿਜੀ ਸੈਟਿੰਗਾਂ ਵਿਗੜ ਗਈਆਂ ਹਨ। ਕੰਗ ਨੇ ਰਾਜਾ ਵੜਿੰਗ ਦੇ ਉਸ ਬਿਆਨ ਦੀ ਵੀ ਆਲੋਚਨਾ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਾਂਗਰਸ ਨੂੰ ਵੋਟਾਂ ਪਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕਰ ਰਹੀ ਹੈ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਕਿਵੇਂ ਪਤਾ ਹੈ ਕਿ ਕਿਸ ਨੇ ਕਿਸ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਲਈ ਹੀ ਕੰਮ ਕਰਨਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਹੁਣ ਵੜਿੰਗ ਵੀ ਅਜਿਹਾ ਹੀ ਬਿਆਨ ਦੇ ਰਹੇ ਹਨ। ਕੰਗ ਨੇ ਕਿਹਾ ਕਿ ਲੋਕਤੰਤਰ ਵਿਚ ਇਹ ਜਾਣਨ ਦਾ ਕੋਈ ਤਰੀਕਾ ਨਹੀਂ ਹੈ ਕਿ ਕਿਸ ਨੇ ਕਿਸ ਨੂੰ ਵੋਟ ਦਿਤੀ। ਪਰ ਕਾਂਗਰਸੀ ਆਗੂਆਂ ਦੇ ਅਜਿਹੇ ਲਗਾਤਾਰ ਗ਼ੈਰ-ਜ਼ਿੰਮੇਵਾਰਾਨਾ ਬਿਆਨ ਚਿੰਤਾ ਦਾ ਵਿਸ਼ਾ ਹਨ।