
ਉਹਨਾਂ ਕਿਹਾ ਕਿ ਕੇਂਦਰ ਨੂੰ ਐਮਐਸਪੀ ਕਮੇਟੀ ਵਿਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਕਮੇਟੀ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਦੇ ਫੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਐਮਐਸਪੀ ਕਮੇਟੀ ਵਿਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ
ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ, “ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਨਿੰਦਾ ਕਰਦਾ ਹਾਂ। ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ। MSP ਸਾਡਾ ਕਾਨੂੰਨੀ ਅਧਿਕਾਰ ਹੈ...ਕੇਂਦਰ ਨੂੰ MSP ਕਮੇਟੀ ਵਿਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ”।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਖੇਤੀਬਾੜੀ ਨਾਲ ਜੁੜੀ ਕਮੇਟੀ 'ਚੋਂ ਬਾਹਰ ਕਰਨਾ ਨਾ ਸਿਰਫ਼ ਸੂਬੇ ਨਾਲ ਬੇਇਨਸਾਫ਼ੀ ਹੈ, ਸਗੋਂ ਸੰਘਵਾਦ ਦੇ ਸਿਧਾਂਤਾਂ ਦੀ ਵੀ ਉਲੰਘਣਾ ਹੈ। ਉਹਨਾਂ ਕਿਹਾ, "ਭਾਜਪਾ ਸਰਕਾਰ ਨੇ ਜਾਣਬੁੱਝ ਕੇ ਉਸ ਸੂਬੇ ਨੂੰ ਕਮੇਟੀ ਤੋਂ ਬਾਹਰ ਰੱਖਿਆ ਜਿਸ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਅਤੇ ਭਾਜਪਾ ਸਰਕਾਰ ਨੂੰ ਇਸ ਕਮੇਟੀ ਦੇ ਗਠਨ ਲਈ ਮਜ਼ਬੂਰ ਕੀਤਾ।"