ਮਹਿੰਗਾਈ ’ਤੇ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਉਠੀ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੇਂ ਨਿਯਮ ਮੁਤਾਬਕ ਸਦਨ ਦੇ ਅੰਦਰ ਪੋਸਟਰ ਲਿਆਉਣ ਦੀ ਇਜਾਜ਼ਤ ਨਹੀਂ ਹੈ
ਨਵੀਂ ਦਿੱਲੀ, 19 ਜੁਲਾਈ : ਸੰਸਦ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਮਹਿੰਗਾਈ, ਕੁੱਝ ਜਰੂਰੀ ਖਾਣ-ਪੀਣ ਵਾਲੀਆਂ ਵਸਤੂਆਂ ’ਤੇ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਲਗਾਉਣ ਅਤੇ ਰਖਿਆ ’ਚ ਭਰਤੀ ਲਈ ਅਗਨੀਪਥ ਯੋਜਨਾ ਵਰਗੇ ਮੁੱਦਿਆਂ ’ਤੇ ਹੰਗਾਮਾ ਕਰਨ ਦੇ ਚਲਦਿਆਂ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੰਗਲਵਾਰ ਨੂੰ ਇਕ ਵਾਰ ਲਈ ਮੁਲਤਵੀ ਹੋਣ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਕਰ ਦਿਤੀ ਗਈ।
ਇਕ ਵਾਰੀ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਵਿਰੋਧੀ ਪਾਰਟੀਆਂ ਨੇ ਹੰਗਾਮਾ ਸ਼ੁਰੂ ਕਰ ਦਿਤਾ ਅਤੇ ਨਾਹਰੇਬਾਜ਼ੀ ਸ਼ੁਰੂ ਕਰ ਦਿਤੀ।ਵਿਰੋਧੀ ਧਿਰ ਦੇ ਮੈਂਬਰ ਮਹਿੰਗਾਈ ਵਿਰੁਧ ਨਾਹਰੇਬਾਜੀ ਕਰ ਰਹੇ ਸਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਕਈ ਜ਼ਰੂਰੀ ਪੈਕੇਟ ਬੰਦ ਖਾਣ-ਪੀਣ ਵਾਲੀਆਂ ਵਸਤਾਂ ’ਤੇ ਜੀਐਸਟੀ ਲਗਾਉਣ ਦਾ ਫ਼ੈਸਲਾ ਵਾਪਸ ਲਿਆ ਜਾਵੇ।
ਹੰਗਾਮੇ ਦੌਰਾਨ ਡਿਪਟੀ ਚੇਅਰਮੈਨ ਹਰੀਵੰਸ਼ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਸਮੂਹਿਕ ਕਤਲੇਆਮ ਦੇ ਹਥਿਆਰ ਅਤੇ ਉਨ੍ਹਾਂ ਦੀ ਡਿਲਿਵਰੀ ਪ੍ਰਣਾਲੀ (ਗ਼ੈਰਕਾਨੂੰਨੀ ਗਤੀਵਿਧੀਆਂ ਦੀ ਮਨਾਹੀ) ਸੋਧ ਬਿੱਲ 2022 ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਇਹ ਬਹੁਤ ਮਹੱਤਵਪੂਰਨ ਬਿੱਲ ਹੈ, ਇਸ ਲਈ ਉਨ੍ਹਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਹਾਲਾਂਕਿ ਹੰਗਾਮੇ ਵਿਚਕਾਰ ਜੈਸ਼ੰਕਰ ਨੇ ਇਹ ਬਿੱਲ ਪੇਸ਼ ਕੀਤਾ।
ਡਿਪਟੀ ਚੇਅਰਮੈਨ ਨੇ ਮੈਂਬਰਾਂ ਨੂੰ ਵਾਰ-ਵਾਰ ਅਪੀਲ ਕੀਤੀ ਕਿ ਉਹ ਆਪੋ-ਅਪਣੇ ਸਥਾਨਾਂ ’ਤੇ ਪਰਤ ਜਾਣ ਅਤੇ ਬਿੱਲ ’ਤੇ ਚਰਚਾ ਕਰਨ ਦੀ ਇਜਾਜ਼ਤ ਦੇਣ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਇਸ ਲਈ ਉਨ੍ਹਾਂ ਸਦਨ ਦੀ ਕਾਰਵਾਈ ਪੰਜ ਮਿੰਟਾਂ ਵਿਚ ਦਿਨ ਭਰ ਲਈ ਮੁਲਤਵੀ ਕਰ ਦਿਤੀ।
ਇਸ ਤੋਂ ਪਹਿਲਾਂ ਸਵੇਰੇ ਵੀ ਕਾਰਵਾਈ ਸ਼ੁਰੂ ਹੋਣ ਦੇ ਪੰਜ ਮਿੰਟ ਦੇ ਅੰਦਰ ਹੀ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਲਤਵੀ ਕਰ ਦਿਤੀ ਗਈ ਸੀ। ਜਦੋਂ ਸਵੇਰੇ ਉਪਰਲੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕੁੱਝ ਕਹਿਣਾ ਚਾਹਿਆ ਪਰ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿਤੀ। ਇਸ ਤੋਂ ਬਾਅਦ ਚੇਅਰਮੈਨ ਨੇ ਜ਼ਰੂਰੀ ਦਸਤਾਵੇਜ ਸਦਨ ਦੀ ਮੇਜ਼ ’ਤੇ ਰੱਖੇ।
ਨਾਇਡੂ ਨੇ ਕਿਹਾ ਕਿ ਨਿਯਮ 267 ਦੇ ਤਹਿਤ ਖੜਗੇ ਸਮੇਤ ਕਈ ਹੋਰ ਮੈਂਬਰਾਂ ਨੇ ਮਹਿੰਗਾਈ ਅਤੇ ਹੋਰ ਮੁੱਦਿਆਂ ’ਤੇ ਚਰਚਾ ਲਈ ਨੋਟਿਸ ਦਿਤੇ ਹਨ ਪਰ ਉਨ੍ਹਾਂ ਨੇ ਇਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਹੈ।
ਇਸ ਦਾ ਵਿਰੋਧ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿਤਾ। ਉਧਰ ਸੈਸਨ ਦੇ ਦੂਜੇ ਦਿਨ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਵਿਰੁਧ ਨਾਹਰੇਬਾਜੀ ਸ਼ੁਰੂ ਕਰ ਦਿਤੀ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਕਲ ਤਕ ਲਈ ਮੁਲਤਵੀ ਕਰ ਦਿਤੀ ਗਈ ਹੈ। (ਏਜੰਸੀ)