
ਕਿਹਾ, ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ
ਅੰਮ੍ਰਿਤਸਰ: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ ’ਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜ਼ੁਲਮਾਂ ਦੇ ਦੋਸ਼ੀ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦਿਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ?
ਇਹ ਵੀ ਪੜ੍ਹੋ: ਮਣੀਪੁਰ ਵੀਡੀਓ ਮਾਮਲਾ: 2 ਕੁਕੀ ਮਹਿਲਾਵਾਂ ਦਾ ਸ਼ੋਸ਼ਣ ਕਰਨ ਵਾਲੇ ਮੁੱਖ ਮੁਲਜ਼ਮ ਦੀ ਪਹਿਲੀ ਤਸਵੀਰ ਆਈ ਸਾਹਮਣੇ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵਲੋਂ ਅਪਣੇ ਸਿਆਸੀ ਹਿੱਤਾਂ ਲਈ ਸੌਦਾ ਸਾਧ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੌਦਾ ਸਾਧ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ ਵਿਚ ਬੰਦ ਕੀਤਾ ਜਾਵੇ।
ਇਹ ਵੀ ਪੜ੍ਹੋ: ਰਾਜਸਥਾਨ: ਖੇਤ ਵਿਚ ਕੰਮ ਕਰ ਰਹੇ ਦਾਦੇ ਸਹੁਰੇ ਤੇ ਪੋਤ ਨੂੰਹ ਨੂੰ ਲੱਗਿਆ ਕਰੰਟ, ਦੋਵਾਂ ਦੀ ਮੌਤ
ਉਧਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਾਤਕਾਰੀ ਤੇ ਕਾਤਲ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖ ਭਾਈਚਾਰੇ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਸੌਦਾ ਸਾਧ ਨੂੰ ਪੈਰੋਲ ਮਿਲਣ ’ਤੇ ਖ਼ਾਲਸਾ ਪੰਥ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰੀ ਤੇ ਕਾਤਲ ਨੂੰ ਪੈਰੋਲ ਦਿਤੀ ਜਾ ਰਹੀ ਹੈ ਪਰ ਦੂਜੇ ਪਾਸੇ ਬੰਦੀ ਸਿੰਘ 30 ਸਾਲ ਤੋਂ ਜ਼ਿਆਦਾ ਸਮਾਂ ਤੋਂ ਜੇਲਾਂ ਵਿਚ ਬੰਦ ਹਨ। ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ।