
ਹਿਸਾਰ ਦੇ ਹੋਟਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਗੁਰਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਅਤੇ ਧਾਰਮਕ ਚਿੰਨ੍ਹਾਂ ਦੀ ਬੇਅਦਬੀ ਕਰਨ 'ਤੇ ਸਿੱਖਾਂ ਵਿਚ ਭਾਰੀ ਰੋਸ..............
ਸ਼੍ਰੀ ਅਨੰਦਪੁਰ ਸਾਹਿਬ : ਹਿਸਾਰ ਦੇ ਹੋਟਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਗੁਰਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਅਤੇ ਧਾਰਮਕ ਚਿੰਨ੍ਹਾਂ ਦੀ ਬੇਅਦਬੀ ਕਰਨ 'ਤੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਿੱਖ ਜਥੇਬੰਦੀਆਂ, ਧਾਰਮਕ, ਸਮਾਜਕ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਪਰਵਾਰ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ, ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗੂੰਬਰ, ਮਨਜਿੰਦਰ ਸਿੰਘ ਬਰਾੜ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ ਆਦਿ ਨੇ ਕਿਹਾ ਕਿ ਸਿੱਖ ਪਰਵਾਰ ਦੀ ਕੁੱਟਮਾਰ ਕਰਨ ਅਤੇ ਧਾਰਮਕ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਵਲੋਂ ਗਰਭਵਤੀ ਸਿੱਖ ਔਰਤ ਦੀ ਕੁੱਟਮਾਰ ਕਰਨੀ ਅਣਮਨੁੱਖੀ ਕਾਰਾ ਹੈ ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਨ੍ਹੀ ਥੋੜੀ ਹੈ। ਉਪਰੋਂ ਸੀ.ਸੀ.ਟੀ.ਵੀ ਕੈਮਰਿਆਂ ਦੀ ਰੀਕਾਰਡਿੰਗ ਅਨੁਸਾਰ ਪੁਲਿਸ ਅਤੇ ਸ਼ਰਾਰਤੀ ਅਨਸਰਾਂ ਦੀ ਮਿਲੀਭੁਗਤ ਦਾ ਵੀ ਪ੍ਰਗਟਾਵਾ ਹੋਇਆ ਹੈ।