
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿੳੂਟ ਆਫ ਮੈਡੀਕਲ ਸਾਇੰਸਜ਼ (ਏਮਜ਼) ਪ੍ਰਾਜੈਕਟ ਦੀ ਸਥਾਪਨਾ ਲਈ ਸੂਬੇ ਨਾਲ ਸਬੰਧਤ ਜ਼ਮੀਨ ਦੇ ਵੱਖ-ਵੱਖ ਟੁਕੜਿਆਂ ਨੂੰ ਭਾਰਤ ਸਰਕਾਰ ਦੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚਾਰ ਏਕੜ, ਇਕ ਕਨਾਲ 13 ਮਰਲੇ ਜ਼ਮੀਨ ਕੇਂਦਰੀ ਮੰਤਰਾਲੇ ਨੂੰ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਸੂਬੇ ਦੇ ਖੇਡ ਵਿਭਾਗ ਦੇ ਨਾਂ ਹੈ। ਮੰਤਰੀ ਮੰਡਲ ਨੇ ਇਸ ਤੋਂ ਪਹਿਲਾਂ ਏਮਜ਼ ਪ੍ਰਾਜੈਕਟ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤਬਦੀਲ ਕੀਤੀ ਬਠਿੰਡਾ ਜ਼ਿਲੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਸਬੰਧਤ 175.1 ਏਕੜ ਜ਼ਮੀਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਬਠਿੰਡਾ ਵਿਖੇ ਏਮਜ਼ ਦੀ ਸਥਾਪਨਾ ਲਈ ਦਿੱਤੀ ਜਾਣ ਵਾਲੀ ਜ਼ਮੀਨ ਦੀ ਲੋੜ ਪੂਰੀ ਹੋ ਗਈ ਹੈ। ਬਠਿੰਡਾ ਵਿਖੇ ਬਣਨ ਵਾਲਾ ਏਮਜ਼ 750 ਬਿਸਤਰਿਆਂ ਦੀ ਸਮਰਥਾ ਵਾਲੀ ਪ੍ਰਮੁੱਖ ਮੈਡੀਕਲ ਸੰਸਥਾ ਹੋਵੇਗੀ ਜਿਸ ਵਿੱਚ 10 ਸਪੈਸ਼ਲਿਟੀ ਵਿਭਾਗ ਅਤੇ 11 ਸੁਪਰ ਸਪੈਸ਼ਲਿਟੀ ਵਿਭਾਗ ਹੋਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਏਮਜ਼ ਨੂੰ ਛੇਤੀ ਚਾਲੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸ ਦੀ ਪ੍ਰਗਤੀ ਦੀ ਨਿਗਰਾਨੀ ਰੋਜ਼ਾਨਾ ਆਧਾਰ ’ਤੇ ਕੀਤੀ ਜਾ ਰਹੀ ਹੈ।