
ਮੁੱਖ ਮੰਤਰੀ ਨੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ ਤੇ ਪੀੜਾ ਨੂੰ ਘਟਾਉਣ ਲਈ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ, (ਸ.ਸ.ਸ.) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਦੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਕਰਵਾਉਣ ਅਤੇ ਜਾਂਚ ਰਿਪੋਰਟ ਚਾਰ ਹਫ਼ਤਿਆਂ 'ਚ ਸੌਂਪਣ ਦਾ ਸਮਾਂ ਤੈਅ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ ਤੇ ਪੀੜਾ ਨੂੰ ਘਟਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੌੜੀ ਸਿਆਸਤ ਤੋਂ ਉਪਰ ਉਠ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ।
Having Conversation
ਮੁੱਖ ਮੰਤਰੀ ਨੇ ਤਿੰਨ ਹਸਪਤਾਲਾਂ ਵਿੱਚ ਜ਼ਖਮੀਆਂ ਨੂੰ ਮਿਲਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਉਸ ਸਥਾਨ ਦਾ ਵੀ ਦੌਰਾ ਕੀਤਾ ਜਿੱਥੇ ਬੀਤੇ ਦਿਨ ਦੁਸ਼ਹਿਰੇ ਦੇ ਤਿਉਹਾਰ ਮੌਕੇ ਇਹ ਦੁਖਦਾਇਕ ਘਟਨਾ ਵਾਪਰੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਘਟਨਾ ਦੇ ਹਰੇਕ ਪਹਿਲੂ ਨੂੰ ਘੋਖਿਆ ਜਾਵੇਗਾ।
Injured Admitted in Hospital
ਇਸ ਸਬੰਧ ਵਿੱਚ ਰੇਲਵੇ ਦੀ ਕਿਸੇ ਕਿਸਮ ਦੀ ਲਾਪਰਵਾਹੀ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਜਾਂਚ ਵਿੱਚ ਵਿਚਾਰਿਆ ਜਾਵੇਗਾ ਅਤੇ ਇਹ ਵੀ ਪਤਾ ਲਾਇਆ ਜਾਵੇਗਾ ਕਿ ਇਸ ਸਮਾਗਮ ਲਈ ਪ੍ਰਵਾਨਗੀ ਹਾਸਲ ਕੀਤੀ ਗਈ ਸੀ ਜਾਂ ਨਹੀਂ ਕੀਤੀ ਗਈ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਇਸ ਮਾਮਲੇ 'ਤੇ ਸਿਆਸਤ ਖੇਡਣ ਦਾ ਨਹੀਂ ਹੈ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਪੀੜਤਾਂ ਨੂੰ ਰਾਹਤ ਦੇਣ ਲਈ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਵੱਲੋਂ ਬੀਤੀ ਰਾਤ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤਾ ਗਿਆ
Cm talking With Patients
ਤਿੰਨ ਮੈਂਬਰੀ ਸੰਕਟ ਪ੍ਰਬੰਧਨ ਗਰੁੱਪ ਰਾਹਤ ਕਾਰਜਾਂ ਦੀ ਨਿਗਰਾਨੀ ਤੇ ਸਹਾਇਤਾ ਸਬੰਧੀ ਕਾਰਜ ਮੁਕੰਮਲ ਹੋਣ ਤੱਕ ਅੰਮ੍ਰਿਤਸਰ ਵਿੱਚ ਹੀ ਰਹੇਗਾ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਗਰੁੱਪ ਦੇ ਮੈਂਬਰ ਹਨ। ਇਹ ਗਰੁੱਪ ਰਾਹਤ ਕਾਰਜਾਂ ਦੀ ਨਿਗਰਾਨੀ ਕਰੇਗਾ। ਇਸੇ ਤਰ੍ਹਾਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੀ ਲੋੜ ਪੈਣ ਤੱਕ ਅੰਮ੍ਰਿਤਸਰ ਵਿੱਚ ਹੀ ਰੁਕਣਗੇ ਤਾਂ ਕਿ ਸਥਿਤੀ ਨੂੰ ਸਥਿਰ ਬਣਾਇਆ ਜਾ ਸਕੇ। ਮੁੱਖ ਮੰਤਰੀ ਬੀਤੀ ਰਾਤ ਤੋਂ ਸਮੁੱਚੀ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ
With Navjot singh sidhu
ਅਤੇ ਇਸ ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਉਚ ਪੱਧਰੀ ਟੀਮ ਨੂੰ ਘਟਨਾਸਥਾਨ 'ਤੇ ਪਹੁੰਚਣ ਦੇ ਹੁਕਮ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਨਵੀਂ ਦਿੱਲੀ ਵਿਖੇ ਹਵਾਈ ਅੱਡੇ 'ਤੇ ਸਨ ਜਿੱਥੋਂ ਉਨ੍ਹਾਂ ਨੇ ਇਜ਼ਰਾਈਲ ਦੌਰੇ ਲਈ ਤਲ ਅਵੀਵ ਲਈ ਰਵਾਨਾ ਹੋਣਾ ਸੀ। ਜਦੋਂ ਉਨ੍ਹਾਂ ਨੇ ਇਸ ਭਿਆਨਕ ਹਾਦਸੇ ਬਾਰੇ ਸੁਣਿਆ ਤਾਂ ਉਹ ਆਪਣਾ ਇਜ਼ਰਾਈਲ ਦੌਰਾ ਮੁਲਤਵੀ ਕਰਕੇ ਵਾਪਸ ਆ ਗਏ। ਉਨ੍ਹਾਂ ਦੱਸਿਆ ਕਿ ਉਹ ਰਾਤ ਨੂੰ ਅੰਮ੍ਰਿਤਸਰ ਲਈ ਰਵਾਨਾ ਹੋਣਾ ਚਾਹੁੰਦੇ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਮੌਕੇ ਵੀ.ਪੀ.ਆਈ. ਦੀ ਆਮਦ ਨਹੀਂ ਚਾਹੁੰਦੇ
ਕਿਉਂ ਜੋ ਇਸ ਨਾਲ ਹੰਗਾਮੀ ਪੱਧਰ 'ਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ 'ਤੇ ਅਸਰ ਪੈਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਹੁਣ ਤੱਕ 59 ਵਿਅਕਤੀਆਂ ਦੀ ਮੌਤ ਅਤੇ 57 ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੋਮਵਾਰ ਤੱਕ ਸਰਕਾਰੀ ਸੋਗ ਜਾਰੀ ਰੱਖਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ ਅਤੇ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸ ਦੁਖਦਾਈ ਘਟਨਾ 'ਤੇ ਡੂੰਘਾ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
With Media Persons
ਮੁੱਖ ਮੰਤਰੀ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਦੋ ਲੜਕੀਆਂ ਨੂੰ ਮਿਲੇ ਜਿਨ੍ਹਾਂ ਦੇ ਇਸ ਘਟਨਾ ਵਿੱਚ ਪੂਰੇ ਪਰਿਵਾਰ ਹੀ ਮਾਰੇ ਗਏ ਜਿਸ ਨਾਲ ਪੂਰਾ ਮੁਲਕ ਸੋਗ ਵਿੱਚ ਡੁੱਬਿਆ ਹੋਇਆ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਦੇ ਇੱਥੇ ਹਵਾਈ ਅੱਡੇ 'ਤੇ ਪਹੁੰਚਣ 'ਤੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਕੰਟ ਪ੍ਰਬੰਧਨ ਗਰੁੱਪ ਨੇ ਉਨ੍ਹਾਂ ਨੂੰ ਸੰਖੇਪ ਵਿੱਚ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।
An Injured Lady
ਕੈਪਟਨ ਅਮਰਿੰਦਰ ਸਿੰਘ ਨੇ ਟੀਮ ਤੇ ਹੋਰ ਅਧਿਕਾਰੀਆਂ ਪਾਸੋਂ ਘਟਨਾ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਮਨਦੀਪ ਹਸਪਤਾਲ, ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਮੁੱਹਈਆ ਕਰਵਾਉਣ ਦੀ ਹਦਾਇਤ ਕੀਤੀ। ਸੂਬਾ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਤੋਂ ਇਲਾਵਾ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ।
ਮੁੱਖ ਮੰਤਰੀ ਦੇ ਦੌਰੇ ਮੌਕੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਸੀਨੀਅਰ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਤੇ ਰਾਹਤ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ. ਸੋਨੀ, ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹਾਜ਼ਰ ਸਨ।