
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਸੂਬੇ ਦੇ ਗ੍ਰਹਿ ਵਿਭਾਗ ਨੇ ਨੋਟੀਫੀਕੇਸ਼ਨ ਜਾਰੀ ਕਰਕੇ ਜਲੰਧਰ ਦੇ ਡਵੀਜ਼...
ਚੰਡੀਗੜ੍ਹ : (ਸਸਸ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਸੂਬੇ ਦੇ ਗ੍ਰਹਿ ਵਿਭਾਗ ਨੇ ਨੋਟੀਫੀਕੇਸ਼ਨ ਜਾਰੀ ਕਰਕੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬਲਦਿਓ ਪੁਰਸਾਰਥਾ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੀ ਹਦਾਇਤ ਕੀਤੀ ਹੈ।
ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜਾਂਚ ਦੌਰਾਨ ਇਸ ਦਰਦਨਾਕ ਹਾਦਸੇ ਨਾਲ ਜੁੜੇ ਹਰੇਕ ਪਹਿਲੂ ਦੀ ਘੋਖ ਕੀਤੀ ਜਾਵੇਗੀ।
ਸੂਬੇ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨਿਰਮਲਜੀਤ ਸਿੰਘ ਕਲਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੋਡ ਆਫ ਕ੍ਰੀਮੀਨਲ ਪ੍ਰੋਸੀਜ਼ਰ-1973 ਦੀ ਧਾਰਾ 21 ਅਧੀਨ ਬੀ.ਪੁਰਸਾਰਥਾ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨਿਯੁਕਤ ਕੀਤਾ ਹੈ। ਇਸ ਜਾਂਚ ਦੌਰਾਨ ਉਨ੍ਹਾ ਨੂੰ ਕਾਰਜਕਾਰੀ ਮੈਜਿਸਟ੍ਰੇਟ ਵਜੋਂ ਸਾਰੀਆਂ ਸ਼ਕਤੀਆਂ ਹਾਸਲ ਹੋਣਗੀਆਂ। ਇਸ ਨੋਟੀਫਿਕੇਸ਼ਨ ਵਿੱਚ ਮੈਜਿਸਟ੍ਰੇਟ ਜਾਂਚ ਦੀਆਂ ਸ਼ਰਤਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਹ ਜਾਂਚ ਇਸ ਮੰਦਭਾਗੀ ਘਟਨਾ ਦੀ ਵਿਸਥਾਰਤ ਪੜਤਾਲ ਕਰਨ ਅਤੇ ਵਿਅਕਤੀਗਤ ਰੂਪ ਵਿੱਚ ਜਾਂ ਕਿਸੇ ਏਜੰਸੀ ਵੱਲੋਂ ਜੇਕਰ ਕੋਈ ਅਣਗਹਿਲੀ ਕੀਤੀ ਗਈ ਹੈ,
ਤਾਂ ਉਸ ਦੀ ਘੋਖ ਕਰਨ ਲਈ ਕੀਤੀ ਜਾਵੇਗੀ ਅਤੇ ਉਸ ਮੁਤਾਬਕ ਜ਼ਿੰਮੇਵਾਰੀ ਤੈਅ ਹੋਵੇਗੀ। ਮੈਜਿਸਟ੍ਰੇਟ ਜਾਂਚ ਦੌਰਾਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਸੁਝਾਅ ਦੇਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਜਾਂਚ ਚਾਰ ਹਫ਼ਤਿਆਂ ਵਿੱਚ ਮੁਕੰਮਲ ਹੋਵੇਗੀ ਅਤੇ ਇਸ ਦੀ ਰਿਪੋਰਟ ਗ੍ਰਹਿ ਤੇ ਨਿਆਂ ਵਿਭਾਗ ਨੂੰ ਸੌਂਪੀ ਜਾਵੇਗੀ। ਇਹ ਦੱਸਣਯੋਗ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਜਲੰਧਰ-ਅੰਮ੍ਰਿਤਸਰ ਰੇਲ ਲਾਈਨ 'ਤੇ ਜੌੜਾ ਫਾਟਕ ਨੇੜੇ ਦੁਸਹਿਰ ਦੇ ਤਿਉਹਾਰ ਮੌਕੇ ਜੁੜੇ ਇਕੱਠ ਦੌਰਾਨ ਡੀ.ਐਮ.ਯੂ. ਦੀ ਲਪੇਟ ਵਿੱਚ ਆਉਣ ਨਾਲ ਕਈ ਵਿਅਕਤੀ ਮਾਰੇ ਗਏ ਅਤੇ ਕੁਝ ਹੋਰ ਜ਼ਖਮੀ ਹੋ ਗਏ ਸਨ।