
APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਹੈ। ਇਹਨਾਂ ਇਤਿਹਾਸਕ ਬਿੱਲਾਂ ਵਿਚ ਹੋਰਨਾਂ ਉਪਬੰਧਾਂ ਤੋਂ ਇਲਾਵਾ ਖੇਤੀਬਾੜੀ ਕਰਾਰ ਤਹਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ 'ਤੇ ਝੋਨਾ ਜਾਂ ਕਣਕ ਦੀ ਖਰੀਦ ਕਰਨ 'ਤੇ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ, ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਛੋਟ ਅਤੇ ਖੇਤੀ ਉਤਪਾਦਾਂ ਦੀ ਜਮ੍ਹਾਖੋਰੀ ਅਤੇ ਕਾਲਾ-ਬਾਜ਼ਾਰੀ ਤੋਂ ਛੁਟਕਾਰਾ ਪਾਉਣ ਦੀ ਵਿਵਸਥਾ ਸ਼ਾਮਲ ਕੀਤੀ ਗਈ ਹੈ।
Captain Amarinder Singh
'ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ, 2020 ਵਿੱਚ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ 'ਤੇ ਉਪਜ ਵੇਚਣ/ਖਰੀਦਣ 'ਤੇ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਚਾਰ ਬਿੱਲਾਂ ਵਿਚੋਂ ਇਕ ਬਿੱਲ ਤਹਿਤ ਐਮ.ਐਸ.ਪੀ ਤੋਂ ਘੱਟ ਕੀਮਤ 'ਤੇ ਉਪਜ ਦੀ ਵਿਕਰੀ/ਖਰੀਦ ਨਹੀਂ ਕੀਤੀ ਜਾ ਸਕੇਗੀ ਅਤੇ ਇਸ ਦੀ ਉਲੰਘਣਾ ਕਰਨ 'ਤੇ ਉਪਰੋਕਤ ਸਜ਼ਾ ਅਤੇ ਜੁਰਮਾਨਾ ਭੁਗਤਨਾ ਪਵੇਗਾ।
Central government
ਇਹ ਬਿੱਲ ਕੇਂਦਰ ਸਰਕਾਰ ਦੇ 'ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ ਐਕਟ, 2020 ਦੀ ਧਾਰਾ 1(2), 19 ਅਤੇ 20 ਵਿਚ ਸੋਧ ਕਰਨ ਦੀ ਮੰਗ ਕਰਦਾ ਹੈ। ਇਸ ਵਿਚ ਨਵੀਆਂ ਧਾਰਾਵਾਂ 4, 6 ਤੋਂ 11 ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਕਿਸਾਨ ਜਿਣਸ, ਵਪਾਰ ਅਤੇ ਵਣਜ (ਉਤਸ਼ਾਹਤ ਕਰਨ ਅਤੇ ਸੁਖਾਲਾ ਬਣਾਉਣ) (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਤਹਿਤ ਕਿਸਾਨ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ, 2020 ਦੀ ਧਾਰਾ 1 (2), 14 ਅਤੇ 15 ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੂਬੇ ਵਿੱਚ ਕਣਕ ਜਾਂ ਝੋਨੇ ਦੀ ਵਿਕਰੀ ਜਾਂ ਖਰੀਦ ਐਮ.ਐਸ.ਪੀ. ਤੋਂ ਘੱਟ ਕੀਮਤ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।
MSP
ਸੋਧੇ ਬਿੱਲ ਵਿਚ ਨਵੀਂ ਧਾਰਾ 6 ਤੋਂ 11 ਸ਼ਾਮਲ ਕਰਕੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਕਿਸਾਨਾਂ ਨੂੰ ਘੱਟ ਕੀਮਤ ਦੀ ਅਦਾਇਗੀ ਕਰਨ 'ਤੇ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ ਹੈ। ਇਹ ਦੋਵੇਂ ਬਿੱਲਾਂ ਦਾ ਉਦੇਸ਼ ਏ.ਪੀ.ਐਮ.ਸੀ. ਕਾਨੂੰਨਾਂ ਦੇ ਸਥਾਪਤ ਢਾਂਚੇ ਰਾਹੀਂ ਘੱਟੋ-ਘੱਟ ਸਮਰਥਨ ਮੁੱਲ ਦੀ ਵਿਧੀ ਸਮੇਤ ਵੱਖ-ਵੱਖ ਸੁਰੱਖਿਆਵਾਂ ਬਹਾਲ ਕਰਕੇ ਕੇਂਦਰੀ ਐਕਟ ਦੇ ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਵੱਲੋਂ ਨੁਕਸਾਨ ਦੇ ਜ਼ਾਹਰ ਕੀਤੇ ਤੌਖਲਿਆਂ ਨੂੰ ਰੋਕਣਾ ਹੈ ਤਾਂ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਖੇਤੀਬਾੜੀ ਧੰਦੇ ਨਾਲ ਜੁੜੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਰਨਾਂ ਦੀ ਰੋਜ਼ੀ-ਰੋਟੀ ਅਤੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
Farmers protest
ਇਸੇ ਦੌਰਾਨ, ਖਪਤਕਾਰਾਂ ਨੂੰ ਖੇਤੀਬਾੜੀ ਉਪਜ ਦੀ ਜਮ੍ਹਾਂਖੋਰੀ ਅਤੇ ਕਾਲਾ-ਬਾਜ਼ਾਰੀ ਤੋਂ ਬਚਾਉਣ ਲਈ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਖੇਤੀਬਾੜੀ ਧੰਦੇ ਨਾਲ ਜੁੜੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਰਨਾਂ ਦੀ ਰੋਜ਼ੀ-ਰੋਟੀ ਅਤੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਵਲੋਂ ਜ਼ਰੂਰੀ ਵਸਤਾਂ ( ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ, 2020 ਪੇਸ਼ ਕੀਤਾ ਗਿਆ ਹੈ।
Captain Amarinder Singh
ਇਹ ਬਿੱਲ, ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 1 (2) ਅਤੇ 3 (1 ਏ) ਵਿਚ ਸੋਧ ਕਰਕੇ ਕੇਂਦਰ ਦੇ ਜ਼ਰੂਰੀ ਵਸਤਾਂ (ਸੋਧ) ਐਕਟ, 2020 ਵਿਚ ਸੋਧ ਕਰਨ ਦੀ ਮੰਗ ਕਰਦਾ ਹੈ। ਇਹ ਬਿੱਲ ਜ਼ਰੂਰੀ ਵਸਤਾਂ (ਸੋਧ) ਐਕਟ, 2020 ਨਾਮੀ ਕੇਂਦਰੀ ਐਕਟ ਦੇ ਲਾਗੂ ਕਰਨ ਸਬੰਧੀ 04 ਜੂਨ, 2020 ਨੂੰ ਪਹਿਲਾਂ ਵਰਗੀ ਸਥਿਤੀ ਬਹਾਲ ਕਰਨ ਨੂੰ ਯਕੀਨੀ ਬਣਾਉਣ ਦੀ ਮੰਗ ਕਰਦਾ ਹੈ।
Code Of Civil Procedure
ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਚੌਥਾ ਬਿੱਲ ਕਿਸਾਨਾਂ ਨੂੰ 2.5 ਏਕੜ ਤੋਂ ਘੱਟ ਜ਼ਮੀਨ ਦੀ ਕੁਰਕੀ ਤੋਂ ਰਾਹਤ ਪ੍ਰਦਾਨ ਕਰਦਾ ਹੈ। "ਕੋਡ ਆਫ਼ ਸਿਵਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ, 2020", ਕੋਡ ਆਫ਼ ਸਿਵਲ ਪ੍ਰੋਸੀਜ਼ਰ 1908 ਦੀ ਧਾਰਾ 60 ਵਿਚ 2.5 ਏਕੜ ਤੋਂ ਘੱਟ ਦੀ ਖੇਤੀਬਾੜੀ ਵਾਲੀ ਜ਼ਮੀਨ ਨੂੰ ਛੋਟ ਦੇਣ ਦੀ ਵਿਵਸਥਾ ਸ਼ਾਮਲ ਕਰਨ ਦੀ ਮੰਗ ਕਰਦਾ ਹੈ।
The Code of Civil Procedure
ਕੋਡ ਆਫ਼ ਸਿਵਲ ਪ੍ਰੋਸੀਜ਼ਰ 1908 ਦੀ ਧਾਰਾ ਵਿਚ ਵੱਖ-ਵੱਖ ਚਲ ਅਤੇ ਅਚੱਲ ਜਾਇਦਾਦਾਂ ਦੀ ਕੁਰਕੀ/ਫਰਮਾਨ ਦੀ ਵਿਵਸਥਾ ਹੈ। ਇਸ ਨਵੀਂ ਸੋਧ ਤਹਿਤ ਪਸ਼ੂ, ਸੰਦ, ਪਸ਼ੂਆਂ ਦੇ ਸ਼ੈਡ ਆਦਿ ਕਿਸਮਾਂ ਦੀਆਂ ਜਾਇਦਾਦਾਂ ਕੁਰਕੀ ਤੋਂ ਮੁਕਤ ਹੋਣਗੀਆਂ, ਪਰੰਤੂ ਅਜੇ ਤੱਕ ਖੇਤੀਬਾੜੀ ਵਾਲੀ ਜ਼ਮੀਨ ਦੀ ਕੁਰਕੀ ਕੀਤੀ ਜਾ ਸਕਦੀ ਹੈ।
ਖੇਤੀਬਾੜੀ ਦੇ ਠੇਕਿਆਂ ਨੂੰ ਲਾਗੂ ਕਰਨ ਦੇ ਨਤੀਜੇ ਵਜੋਂ ਜਾਂ ਆਪਣੀ ਜ਼ਮੀਨ ਦੀ ਕੁਰਕੀ/ ਫ਼ਰਮਾਨ ਬਾਰੇ ਕਿਸਾਨਾਂ ਦੇ ਖਦਸ਼ੇ ਦੇ ਮੱਦੇਨਜ਼ਰ, ਸੂਬਾ ਸਰਕਾਰ ਇਸ ਬਿੱਲ ਰਾਹੀਂ ਛੋਟੇ ਕਿਸਾਨਾਂ ਅਤੇ ਹੋਰਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਜਾਂ ਫ਼ਰਮਾਨ ਤੋਂ ਪੂਰੀ ਛੋਟ ਦੇਣ ਦੀ ਮੰਗ ਕਰ ਰਹੀ ਹੈ।
Congress
ਇਹ 2017 ਲਈ ਕਾਂਗਰਸ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਸੀ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਹਿਲਾਂ ਪੰਜਾਬ ਰਾਜ ਸਹਿਕਾਰੀ ਸਭਾਵਾਂ ਐਕਟ, 1961 ਵਿਚ ਸੋਧ ਕਰਕੇ ਧਾਰਾ 67-ਏ ਨੂੰ ਹਟਾ ਦਿੱਤਾ ਸੀ, ਜਿਸ ਨਾਲ ਸਹਿਕਾਰੀ ਵਿੱਤ ਸੰਸਥਾਵਾਂ ਨੂੰ ਕਿਸਾਨਾਂ ਦੀ ਜ਼ਮੀਨ ਕੁਰਕੀ ਕਰਨ ਦੀ ਆਗਿਆ ਮਿਲਦੀ ਸੀ। ਸਹਿਕਾਰੀ ਬੈਂਕਾਂ ਤੋਂ ਇਲਾਵਾ ਵਿੱਤੀ ਸੰਸਥਾਵਾਂ ਦੇ ਸਬੰਧ ਵਿਚ ਇਹ ਮਾਮਲਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।