
ਭਾਜਪਾ-ਕੈਪਟਨ ਅਮਰਿੰਦਰ ਤੇ ਅਕਾਲੀ ਦਲ ਦੇ ਗਠਜੋੜ ਬਾਰੇ ਸਾਢੇ ਤਿੰਨ ਸਾਲ ਪਹਿਲਾ ਹੀ ਕਰ ਚੁੱਕਾਂ ਹਾਂ ਖੁਲਾਸਾ: ਪਰਗਟ ਸਿੰਘ
ਡੇਰਾ ਬਾਬਾ ਨਾਨਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਭਾਜਪਾ ਦਾ ਰਾਗ ਅਲਾਪਣ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਬੋਲਦਿਆਂ ਕਿਹਾ ਕਿ ਹੁਣ ਬਿੱਲੀ ਥੈਲਿਓ ਬਾਹਰ ਆ ਗਈ ਹੈ। ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਇਹੀ ਗੱਲ ਦੁਹਰਾ ਰਹੇ ਹਨ ਕਿ ਭਾਜਪਾ, ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਵਿਚਾਲੇ ਅਣਐਲਾਨਿਆ ਗਠਜੋੜ ਹੈ।
Captain Amarinder Singh
ਉਨ੍ਹਾਂ ਕਿਹਾ ਕਿ ਇਹ ਸਾਰੀ ਕਹਾਣੀ ਭਾਜਪਾ ਦੀ ਰਚੀ ਹੋਈ ਹੈ ਜਿਸ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ ਅਤੇ ਅਕਾਲੀ ਦਲ ਇਸ ਦੀ ਹਮਾਇਤ ਕਰਦਾ ਸੀ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਦਾਅਵਿਆਂ ਦੀ ਅਸਲੀਅਤ ਅੱਜ ਉਸ ਵੇਲੇ ਜੱਗ ਜ਼ਾਹਰ ਹੋ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਹਮਾਇਤ ਵਿੱਚ ਇਸ਼ਤਿਹਾਰ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਵੱਲੋਂ ਭਾਜਪਾ ਨਾਲ ਰਲ ਕੇ ਪਕਾਈ ਜਾ ਰਹੀ ਖਿੱਚੜੀ ਦਾ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਜਿਸ ਕਾਰਨ ਹੁਣ ਉਹ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।
Pargat Singh
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਉਹ ਸਵਾਗਤ ਕਰਦੇ ਹਨ ਪਰ 700 ਕਿਸਾਨਾਂ ਦੀ ਸ਼ਹਾਦਤ ਨੂੰ ਨਹੀਂ ਭੁਲਾਇਆ ਜੋ ਸਕਦਾ ਜਿਨ੍ਹਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀ ਬਲੀ ਦੇਣੀ ਪਈ। ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਾਰੀਫ ਕਰਨ ਉਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਆਲੋਚਨਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਵੰਡਣ ਤੋਂ ਪਹਿਲਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ।
Captain Amarinder Singh
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਸੀ ਪਿਆਰ, ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਇਥੇ ਵੀ ਸਿਆਸੀ ਰੋਟੀਆਂ ਸੇਕਣ ਤੋਂ ਬਾਜ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਉਸ ਵੇਲੇ ਕਿੱਥੇ ਸਨ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾਉਣ ਲਈ ਬਿਨਾ ਸੱਦੇ ਦੇ ਪਾਕਿਸਤਾਨ ਪੁੱਜ ਗਏ ਸਨ।