
ਆਮਦਨ ਕਰ ਵਿਭਾਗ ਦੇ ਛਾਪਿਆਂ ਦਾ 'ਆਪ' ਨੇ ਲਿਆ ਸਖ਼ਤ ਨੋਟਿਸ
ਚੰਡੀਗੜ੍ਹ, 19 ਦਸੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਆੜ੍ਹਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਵਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖ਼ਤ ਨਿੰਦਿਆ ਕੀਤੀ ਹੈ |
ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਸਮਰਥਕ ਪੰਜਾਬ ਦੇ ਕਰੀਬ ਦੋ ਦਰਜਨ ਆੜ੍ਹਤੀਆਂ ਅਤੇ ਕਾਰੋਬਾਰੀਆਂ ਉਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ | ਉਨ੍ਹਾਂ ਕਿਹਾ ਕਿ ਡਰਾਉਣਾ ਅਤੇ ਵੰਡਣਾ ਭਾਜਪਾ ਦੀ ਪੁਰਾਣੀ ਆਦਤ ਰਹੀ ਹੈ, ਪ੍ਰੰਤੂ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫ਼ਲ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਅਪਣੀ ਈਡੀ, ਸੀਬੀਆਈ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਮੋਦੀ ਸਰਕਾਰ ਕੈਪਟਲ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਨੂੰ ਤਾਂ ਡਰਾਇਆ ਜਾ ਸਕਦਾ ਹੈ, ਪ੍ਰੰਤੂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ 'ਤੇ ਕੇਂਦਰ ਸਰਕਾਰ ਦਾ ਇਹ ਹੱਥਕੰਡਾ ਕੰਮ ਨਹੀਂ ਕਰੇਗਾ |
ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਅਤੇ ਕਿਸਾਨ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪ੍ਰੰਤੂ ਵਪਾਰੀ-ਕਾਰੋਬਾਰੀ ਚੰਗੀ ਤਰ੍ਹਾਂ ਸਮਝਦੇ ਹਨ ਕਿ ਉਨ੍ਹਾਂ ਦੀ ਆਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁਮਦਾ ਹੈ ਅਤੇ ਕਾਲੇ ਕਾਨੂੰਨਾਂ ਨੇ ਕਿਸਾਨ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਆੜ੍ਹਤੀਆਂ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ਦਾ ਵੀ ਭਵਿੱਖ ਖ਼ਤਰੇ ਵਿਚ ਪਾ ਦਿਤਾ ਹੈ |