ਅੰਮ੍ਰਿਤਸਰ ਅਦਾਲਤ ਵੱਲੋਂ ਵੱਡਾ ਫ਼ੈਸਲਾ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨਾਲ ਸਬੰਧਿਤ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਫਸੇ 10 ਵਿਅਕਤੀਆਂ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਇਸ ਮਾਮਲੇ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਵਧੀਕ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਵਿੱਚ ਇਹ ਸੁਣਵਾਈ 20 ਦਸੰਬਰ ਨੂੰ ਹੋਈ, ਜਿਸ ਦੌਰਾਨ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਤਰਕ ਪੇਸ਼ ਕੀਤੇ ਗਏ।
ਇਹ ਮਾਮਲਾ 7 ਦਸੰਬਰ ਨੂੰ ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਨਾਲ ਜੁੜਿਆ ਹੋਇਆ ਹੈ। ਕੇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 328 ਪਾਵਨ ਸਰੂਪਾਂ ਦੀ ਸੰਭਾਲ ਅਤੇ ਪ੍ਰਬੰਧਨ ਵਿੱਚ ਗੰਭੀਰ ਲਾਪਰਵਾਹੀ ਵਰਤੀ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਅਗਾਹੂ ਜਮਾਨਤ ਲਈ ਅਰਜ਼ੀ ਦੇਣ ਵਾਲਿਆਂ ਵਿੱਚ ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਪਰਮਦੀਪ ਸਿੰਘ, ਗੁਰਮੁੱਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕੁਲਵੰਤ ਸਿੰਘ ਅਤੇ ਸਤਿੰਦਰ ਸਿੰਘ ਕੋਹਲੀ ਸ਼ਾਮਲ ਹਨ। ਅਦਾਲਤ ਵੱਲੋਂ ਜਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਇਸ ਫੈਸਲੇ ਤੋਂ ਬਾਅਦ ਕੇਸ ਨੇ ਹੋਰ ਤੀਖਾ ਮੋੜ ਲੈ ਲਿਆ ਹੈ ਅਤੇ ਹੁਣ ਪੁਲਿਸ ਵੱਲੋਂ ਜਾਂਚ ਤੇਜ਼ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ, ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਨਿਆਂ ਦੀ ਮੰਗ ਜਾਰੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਜਾ ਰਹੀ ਹੈ।
