ਪੰਜਾਬ ਸਰਕਾਰ ਵਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ
ਚੰਡੀਗੜ੍ਹ : ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟਰੇਸ਼ਨ ਫ਼ੀਸ ਵਿਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟਰੇਸ਼ਨ ਫ਼ੀਸ, ਜੋ ਪਹਿਲਾਂ 10,000 ਰੁਪਏ ਨਿਰਧਾਰਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਤ ਕਰਨ ਵਿਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ।
