
ਇਹ ਐਲਾਨ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੀਤਾ ਗਿਆ ਹੈ।
ਲੁਧਿਆਣਾ- ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਦਾ ਸੰਘਰਸ਼ ਤੇਜ ਹੁੰਦਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ 100 ਤੋਂ ਵੱਧ ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿਚਕਾਰ ਅੱਜ ਲੁਧਿਆਣਾ 'ਚ ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਜ਼ਿਲ੍ਹੇ ਦੇ 4 ਵਿਅਕਤੀਆਂ ਨੂੰ 5-5 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਐਲਾਨ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਮਿ੍ਤਕ ਹੋਏ ਜ਼ਿਲ੍ਹਾ ਲੁਧਿਆਣਾ ਦੇ 5 ਵਿਅਕਤੀਆਂ ਵਿਚੋਂ 4 ਵਿਅਕਤੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾ ਰਹੇ ਹਨ। ਜਦਕਿ 5ਵੇਂ ਵਿਅਕਤੀ ਦਾ ਕੇਸ ਬਣਾ ਕੇ ਭੇਜਿਆ ਗਿਆ ਹੈ। ਉਸ ਨੂੰ ਵੀ ਪੈਸੇ ਮਿਲਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 20 ਲੱਖ ਰੁਪਏ ਦੀ ਰਾਸ਼ੀ ਉਨਾਂ ਨੂੰ ਭੇਜ ਦਿੱਤੀ ਗਈ ਹੈ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਤੇ ਕਿਸਾਨ ਵਿਚਕਾਰ 9 ਮੀਟਿੰਗ ਬੇਸਿੱਟਾ ਹੋਣ ਤੋਂ ਬਾਅਦ ਬੀਤੇ ਦਿਨੀ 10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ।