
ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਪਰ ਅੱਜ ਇਹ ਅੰਦੋਲਨ ਸਾਰੇ ਦੇਸ਼ ਵਿੱਚ ਫੈਲ ਗਿਆ ਹੈ
ਨਵੀਂ ਦਿੱਲੀ - ਜੰਤਰ ਮੰਤਰ ਵਿਖੇ ਪਿਛਲੇ 46 ਦਿਨਾਂ ਤੋਂ ਧਰਨੇ ’ਤੇ ਬੈਠੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਕਈ ਕਾਂਗਰਸੀ ਆਗੂਆਂ ਦੀ ਹੌਂਸਲਾ ਅਫ਼ਜਾਈ ਲਈ ਕਾਂਗਰਸੀ ਆਗੂ ਲਗਾਤਾਰ ਧਰਨੇ ਵਿਚ ਪਹੁੰਚ ਰਹੇ ਹਨ। ਕੱਲ੍ਹ ਸੁਖੀ ਰੰਧਾਵਾ ਅਤੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਪਹੁੰਚੇ ਸਨ ਤੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਵਿਕੀ ਭਿੰਦਰ ਪਹੁੰਚੇ। ਇਨ੍ਹਾਂ ਆਗੂਆਂ ਨੇ ਪੂਰਾ ਦਿਨ ਜੰਤਰ ਮੰਤਰ ਵਿਖੇ ਧਰਨੇ ਤੇ ਬੈਠੇ ਨੇਤਾਵਾਂ ਨਾਲ ਬਿਤਾਇਆ।
ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਸਾਨਾਂ ਦੇ ਹੱਕ ਵਿਚ ਚੁਕੇ ਜਾਣ ਵਾਲੇ ਅਗਲੇਰੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਹੁਣ ਡੇਢ ਸਾਲ ਦਾ ਫਾਰਮੂਲਾ ਪਤਾ ਨਹੀਂ ਕਿੱਥੋਂ ਲੈ ਕੇ ਆਈ ਹੈ ਜਿਸ ਦਾ ਕੋਈ ਮਤਲਬ ਨਹੀਂ ਹੈ। ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਪਰ ਅੱਜ ਇਹ ਅੰਦੋਲਨ ਸਾਰੇ ਦੇਸ਼ ਵਿੱਚ ਫੈਲ ਗਿਆ ਹੈ। ਇਸ ਲਈ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ।
ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਕਰਨਾਟਕ ਵਿਚ ਕਿਸਾਨਾਂ ਦੇ ਹੱਕ ਵਿੱਚ ਜੋ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ ਅਤੇ ਕੱਲ੍ਹ ਮੱਧ ਪ੍ਰਦੇਸ਼ ਵਿੱਚ ਹੋ ਰਿਹਾ ਹੈ ਜੋ ਕਿ ਸਾਰੇ ਦੇਸ਼ ਦੇ ਲੋਕ ਕਿਸਾਨ ਨਾਲ ਜੁੜੇ ਹੋਏ ਹਨ I ਸਰਕਾਰ ਸਮਝ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਲੋਕ ਸੱਤਾ ਤੋਂ ਬਾਹਰ ਕਰ ਦੇਣਗੇ।