ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਸੁਹਿਰਦ ਯਤਨ ਜਾਰੀ - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ
ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਲਕੇ ਮਿਤੀ 22 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੇ ਜਾਣ ਵਾਲੇ ਰੇਲ ਰੋੋਕੋ ਅੰਦੋਲਨ ਨੂੰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਰੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਇਸਦਾ ਜਲਦ ਹੱਲ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਲੰਘਣ ਵਾਲੇ ਦਿੱਲੀ-ਕੱਟੜਾ ਐਕਸਪ੍ਰੈਸ ਅਧੀਨ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ ਉਨ੍ਹਾਂ ਨੂੰ 191 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਦਕਿ ਬਕਾਇਆ ਰਾਸ਼ੀ ਵੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐੱਸ.ਡੀ.ਐੱਮ. ਦਫ਼ਤਰਾਂ ਵਿੱਚ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਕਿਸਾਨ ਏਥੇ ਪਹੁੰਚ ਕਰ ਸਕਣ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਲੱਗਦਾ ਹੈ ਕਿ ਉਸ ਨੂੰ ਜ਼ਮੀਨ ਦੀ ਕੀਮਤ ਘੱਟ ਮਿਲ ਰਹੀ ਹੈ ਤਾਂ ਉਹ ਆਪਣਾ ਕੇਸ ਮਾਣਯੋਗ ਕਮਿਸ਼ਨਰ ਜਲੰਧਰ ਡਵੀਜ਼ਨ ਕੋਲ ਆਰਬਰੀਟ੍ਰੇਸ਼ਨ ਤਹਿਤ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਸ.ਡੀ.ਐੱਮ. ਦਫ਼ਤਰਾਂ ਦੇ ਹੈਲਪ ਡੈਸਕ ਵੱਲੋਂ ਇਹ ਕੇਸ ਲਗਾਉਣ ਲਈ ਕਿਸਾਨਾਂ ਨੂੰ ਗਾਈਡ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਰਬਰੀਟ੍ਰੇਸ਼ਨ ਤਹਿਤ ਲਗਾਏ ਕੇਸਾਂ ਦੇ ਫੈਸਲਾ ਆਉਣੇ ਸ਼ੁਰੂ ਹੋ ਗਏ ਹਨ ਅਤੇ ਅੱਜ 21 ਫਰਵਰੀ ਨੂੰ ਪਿੰਡ ਮਾੜੀ ਬੁੱਚੀਆਂ, ਸ਼ੁਕਾਲਾ, ਕਿਸ਼ਨਕੋਟ ਅਤੇ ਮਚਰਾਏ ਦੇ ਮਾਣਯੋਗ ਕਮਿਸ਼ਨਰ ਸਾਹਿਬ ਵੱਲੋਂ ਆਰਬਰੀਟ੍ਰੇਸ਼ਨ ਦੇ ਐਵਾਰਡ ਸੁਣਾਏ ਗਏ ਹਨ ਅਤੇ ਬਾਕੀ ਐਵਾਰਡ ਵੀ ਜਲਦ ਸੁਣਾ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਕਿਸਾਨਾਂ ਦੇ ਕੇਸ ਵੈਰੀਫਾਈ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ ਅਤੇ ਸਰਕਾਰ ਵੱਲੋਂ ਇਸ ਉੱਪਰ ਕੰਮ ਕੀਤਾ ਜਾ ਰਿਹਾ ਹੈ। ਗੰਨਾ ਮਿੱਲਾਂ ਸਬੰਧੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਗੰਨਾ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਬਹੁਤ ਜਲਦੀ ਇਸ ਉੱਪਰ ਕਾਰਵਾਈ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੋਲਟਰੀ ਫਾਰਮ ਦੇ ਪ੍ਰਦੂਸ਼ਣ ਸਬੰਧੀ ਮਸਲਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਉੱਪਰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਅਮਲ ਅਧੀਨ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਕਿਸਾਨਾਂ ਦੇ ਸਾਰੇ ਮਸਲਿਆਂ ਪ੍ਰਤੀ ਪੂਰੀ ਤਰਾਂ ਸੁਹਿਰਦ ਹੈ ਅਤੇ ਇਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਉਨ੍ਹਾਂ ਸਮੇਤ ਆਈ.ਜੀ. ਬਾਰਡਰ ਰੇਂਜ, ਐੱਸ.ਐੱਸ.ਪੀ. ਗੁਰਦਾਸਪੁਰ/ਬਟਾਲਾ ਵੱਲੋਂ ਕਿਸਾਨਾਂ ਅਤੇ ਯੂਨੀਅਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਆਗੂ ਜਾਂ ਕਿਸਾਨ ਭਰਾ ਕਿਸੇ ਵੀ ਮਸਲੇ ਸਬੰਧੀ ਗੱਲ ਕਰਨੀ ਹੈ ਤਾਂ ਉਨ੍ਹਾਂ ਸਮੇਤ ਕਿਸੇ ਵੀ ਅਧਿਕਾਰੀ ਨੂੰ ਮਿਲ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਰੇਲ ਰੋਕੂ ਅੰਦੋਲਨ ਨੂੰ ਟਾਲ ਦੇਣ।