
ਪ੍ਰਾਈਵੇਟ ਹਸਪਤਾਲਾਂ ਤੇ ਲੈਬਾਰਟਰੀਆਂ ਵਿਚ ਟੈਸਟ ਕਰਨ ਲਈ ਮੰਗੀ ਆਗਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਨਫਰੰਸਿੰਗ ਰਾਹੀਂ ਕੋਵਿਡ-19 ਨਾਲ ਮੁਲਕ ਭਰ ਵਿਚ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੁੱਖ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਲਈ ਟੈਸਟ ਵਧਾਉਣ ਦੀ ਫੌਰੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਨੂੰ ਨਾਮੀਂ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਸਪਤਾਲਾਂ ਨੂੰ ਫੌਰੀ ਇਜਾਜ਼ਤ ਦੇਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿਤਾ ਕਿ ਆਈ.ਸੀ.ਐਮ.ਆਰ. ਨੂੰ ਪੁਸ਼ਟੀ ਹੋ ਚੁਕੇ ਕੇਸਾਂ ਦੇ ਨੇੜਲੇ ਸੰਪਰਕ ਵਾਲੇ ਵਿਅਕਤੀਆਂ, ਭਾਵੇਂ ਉਹ ਬਿਨਾਂ ਲੱਛਣਾਂ ਤੋਂ ਹੀ ਹੋਣ, ਦਾ ਟੈਸਟ ਕਰਨ ਦੀ ਵੀ ਆਗਿਆ ਦੇਣੀ ਚਾਹੀਦੀ ਹੈ।
File
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਵਿਦੇਸ਼ੀ ਉਡਾਨਾਂ 'ਤੇ ਇਕ ਹਫ਼ਤੇ ਲਈ ਲਾਈ ਗਈ ਪਾਬੰਦੀ ਨੂੰ ਤੁਰੰਤ ਦੋ ਹਫ਼ਤੇ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਵਿੱਚ ਐਨ.ਆਰ.ਆਈਜ਼ ਦੇ ਲਗਾਤਾਰ ਪ੍ਰਵੇਸ਼ ਨੂੰ ਰੋਕਿਆ ਜਾ ਸਕੇ ਅਤੇ ਸਰਕਾਰ ਨੂੰ ਪੰਜਾਬ ਵਿੱਚ ਆ ਚੁੱਕੇ ਲੋਕਾਂ ਨੂੰ ਲੱਭ ਕੇ ਉਨ੍ਹਾਂ ਦੇ ਟੈਸਟ ਕਰਨ ਦਾ ਵੀ ਸਮਾਂ ਮਿਲ ਸਕੇ। ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਕੋਵਿਡ-19 ਦੇ ਮੱਦੇਨਜ਼ਰ ਇਹਤਿਆਤ ਵਜੋਂ ਕੰਮ 'ਤੇ ਨਾ ਜਾ ਸਕਣ ਵਾਲੇ ਨਰੇਗਾ ਕਾਮਿਆਂ ਨੂੰ ਮਿਹਨਤਾਨਾ ਅਦਾ ਕਰਨ ਦੀ ਇਜਾਜ਼ਤ ਦੇਣ ਵੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਸਿਫਾਰਸ਼ ਕੀਤੀ ਕਿ ਖੁਰਾਕ ਸੁਰੱਖਿਆ ਮਿਸ਼ਨ ਦੇ ਤਹਿਤ ਹਰੇਕ ਵਿਅਕਤੀ ਨੂੰ ਪੰਜ ਕਿਲੋ ਵਾਧੂ ਕਣਕ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
File
ਤਾਂ ਕਿ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਸੁਝਾਅ ਦਿਤਾ ਕਿ ਕੇਂਦਰ ਸਰਕਾਰ ਨੂੰ ਕੋਵਿਡ-19 ਨਾਲ ਆਰਥਿਕ ਤੌਰ 'ਤੇ ਪੈਣ ਵਾਲੇ ਅਣਸੁਖਾਵੇਂ ਅਸਰ ਨੂੰ ਘਟਾਉਣ ਲਈ ਇਕ ਵਿਆਪਕ ਪ੍ਰਸਤਾਵ ਲਿਆਉਣਾ ਚਾਹੀਦਾ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਤਾ ਕਿ ਸੂਬਾ ਸਰਕਾਰ ਕੋਵਿਡ-19 ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਰਕਾਰੀ ਮਸ਼ੀਨਰੀ ਖਾਸ ਤੌਰ 'ਤੇ ਸਿਹਤ ਵਿਭਾਗ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਲੱਛਣਾਂ ਤੋਂ ਪੀੜਤ ਮਰੀਜ਼ਾਂ ਨੂੰ ਬਿਹਤਰ ਤੇ ਸੰਭਵ ਇਲਾਜ ਮੁਹੱਈਆ ਕਰਵਾਉਣ ਲਈ ਪੁਖਤਾ ਇੰਤਜ਼ਾਮ ਹਨ।
File
ਮੌਜੂਦਾ ਸਥਿਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿਹਾ ਕਿ ਹੁਣ ਤੱਕ ਤਿੰਨ ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ ਇਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਦੇ ਮਰਨ ਉਪਰੰਤ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। 140 ਟੈਸਟਾਂ ਦੇ ਨਤੀਜਿਆਂ ਵਿੱਚੋਂ ਤਿੰਨ ਕੇਸ ਪਾਜ਼ੇਟਿਵ ਪਾਏ ਗਏ ਜਦਕਿ 18 ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਵਾਹਗਾ/ਅਟਾਰੀ ਚੈੱਕ ਪੋਸਟ ਅਤੇ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਚੈੱਕ ਪੋਸਟ 'ਤੇ 'ਤੇ 96273 ਮੁਸਾਫ਼ਰਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। 1454 ਮੁਸਾਫ਼ਰਾਂ ਨੂੰ ਘਰਾਂ ਵਿਚ ਇਕਾਂਤ 'ਚ ਰਖਿਆ ਗਿਆ, 47 ਨੂੰ ਸਰਕਾਰੀ ਤੌਰ 'ਤੇ ਅਤੇ 18 ਨੂੰ ਹਸਪਤਾਲਾਂ ਵਿਚ ਇਕਾਂਤ ਵਸ ਰਖਿਆ ਗਿਆ।
File
ਇਸ ਖ਼ਤਰਨਾਕ ਵਾਇਰਸ ਦੇ ਮੱਦੇਨਜ਼ਰ ਕਿਸੇ ਵੀ ਅਚਨਚੇਤ ਘਟਨਾ ਨਾਲ ਨਿਪਟਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 5 ਮਾਰਚ, 2020 ਨੂੰ ਪੰਜਾਬ ਐਪੀਡੇਮਿਕ ਡਿਜੀਜ਼, ਕੋਵਿਡ-19 ਰੈਗੂਲੇਸ਼ਨਜ਼-2020 ਨੂੰ ਐਪੀਡੇਮਿਕ ਡਿਜੀਜ਼ ਐਕਟ-1897 ਹੇਠ ਨੋਟੀਫਾਈ ਕੀਤਾ ਗਿਆ। ਇਸੇ ਤਰ੍ਹਾਂ ਰੋਜ਼ਾਨਾ ਆਧਾਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਦੀ ਪ੍ਰਧਾਨਗੀ ਹੇਠ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬਾ ਪੱਧਰ 'ਤੇ ਗਠਿਤ ਕੋਵਿਡ-19 ਮੈਨੇਜਮੈਂਟ ਗਰੁੱਪ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਕਾਇਮ ਕੀਤੇ ਅਜਿਹੇ ਗਰੁੱਪਾਂ ਦਾ ਜ਼ਿਕਰ ਕੀਤਾ ਤਾਂ ਕਿ ਹਾਲਾਤ 'ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ ਕਿਉਂਕਿ ਇਸ ਵਾਇਰਸ ਦਾ ਕਿਸੇ ਵੀ ਤਰ੍ਹਾਂ ਫੈਲਾਅ ਨਾ ਹੋਣ ਦਿੱਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਵਿਦੇਸ਼ਾਂ ਤੋਂ ਆਏ ਲੋਕਾਂ ਦੀ ਭਾਲ ਵੀ ਕੀਤੀ ਜਾ ਰਹੀ ਅਤੇ ਅਜਿਹੇ ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਤਾਂ ਕਿ ਇਕ ਥਾਂ ਤੋਂ ਦੂਜੀ ਥਾਂ ਪਹੁੰਚਣ ਦੀ ਕੜੀ ਨੂੰ ਤੋੜਿਆ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।