
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗੁਰੂ ਕੇ ਮਹਿਲ ਤੋਂ ਦਿੱਲੀ ਲਈ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ
ਅੰਮਿ੍ਤਸਰ, 20 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ | ਅਰਦਾਸ ਭਾਈ ਸੁਲਤਾਨ ਸਿੰਘ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ ਜਗਤਾਰ ਸਿੰਘ ਨੇ ਸਰਵਣ ਕਰਵਾਇਆ |
ਗਿ. ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ ਅਤੇ ਕਿਹਾ ਕਿ ਨਗਰ ਕੀਰਤਨ ਨਾਲ ਸੰਗਤ ਵਿਚ ਉਤਸ਼ਾਹ ਪੈਦਾ ਹੋਵੇਗਾ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ | ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਵੀ ਕੀਤੀ | ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਾਡੇ ਸਮਿਆਂ ਵਿਚ ਆਉਣੀ ਸਾਡੀ ਖ਼ੁਸ਼ਕਿਸਮਤੀ ਹੈ |
ਨਗਰ ਕੀਰਤਨ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਈ | ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰ ਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖ਼ੂਬਸੂਰਤ ਬਣਾਇਆ | ਇਸੇ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰ ਕੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸ਼ਰਧਾ ਪ੍ਰਗਟਾਈ | ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਸਨ |
image