
ਹਾਈ ਕੋਰਟ ’ਚ ਇਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 19 ਮਾਰਚ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਦੀ ਹਿਰਾਸਤ ਵਿਰੁਧ ਹਾਈ ਕੋਰਟ ’ਚ ਇਕ ‘ਹੈਬੀਅਸ ਕਾਰਪਸ’ ਪਟੀਸ਼ਨ ਦਾਇਰ ਕੀਤੀ ਗਈ, ਜਿਸ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦਸਿਆ ਗਿਆ ਹੈ।
ਦੇਰ ਸ਼ਾਮ, ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ, ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਡੀ.ਜੀ.ਪੀ. ਨੂੰ ਸੋਮਵਾਰ ਨੂੰ ਮਾਮਲੇ ’ਚ ਸਥਿਤੀ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ।
ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਵਲੋਂ ਦਾਇਰ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬਿਨਾਂ ਕੋਈ ਨੋਟਿਸ ਜਾਂ ਕਾਰਨ ਦੱਸੇ ਹਿਰਾਸਤ ’ਚ ਲਿਆ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਹੈ। ਇਸ ਲਈ, ਹਾਈ ਕੋਰਟ ਤੋਂ ਉਸ ਦੀ ਤੁਰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਜਿਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕਰ ਕੇ ਸੋਮਵਾਰ ਤਕ ਜਵਾਬ ਅਤੇ ਸਥਿਤੀ ਰੀਪੋਰਟ ਦਾਇਰ ਕਰਨ ਦੇ ਹੁਕਮ ਦਿਤੇ ਹਨ।
ਦੂਜੇ ਪਾਸੇ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੇ ਜੇਲ੍ਹਾਂ ’ਚ ਸਰਕਾਰ ਦੇ ਜਬਰ ਵਿਰੁਧ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀਣਾ ਬੰਦ ਕੀਤਾ ਹੋਇਆ ਹੈ।