
ਇਹ ਵਿਰੋਧ ਪ੍ਰਦਰਸ਼ਨ ਪੰਜਾਬ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕੀਤਾ ਗਿਆ ਸੀ।
Punjab Congress Protest: 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਹਰ ਔਰਤ ਨੂੰ 1000 ਰੁਪਏ ਮਹੀਨਾਵਾਰ ਦੇਣ ਤੋਂ ਪਿੱਛੇ ਹਟਣ 'ਤੇ ਅੱਜ ਪੰਜਾਬ ਭਰ ਦੀਆਂ ਹਜ਼ਾਰਾਂ ਮਹਿਲਾ ਕਾਂਗਰਸ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।
ਇਹ ਵਿਰੋਧ ਪ੍ਰਦਰਸ਼ਨ ਪੰਜਾਬ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕੀਤਾ ਗਿਆ ਸੀ। ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਈ ਹੋਰ ਪਾਰਟੀ ਵਿਧਾਇਕਾਂ ਸਮੇਤ ਸੀਨੀਅਰ ਆਗੂ ਵੀ ਮੌਜੂਦ ਸਨ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ 'ਆਪ' ਨੂੰ ਔਰਤਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਭੁੱਲਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ 36 ਮਹੀਨੇ ਬੀਤ ਚੁੱਕੇ ਹਨ ਅਤੇ ਸਰਕਾਰ ਨੇ ਅਜੇ ਤੱਕ ਔਰਤਾਂ ਨੂੰ ਨਕਦ ਸਹਾਇਤਾ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਔਰਤਾਂ ਨਾਲ ਸਪੱਸ਼ਟ ਧੋਖਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਾ ਸਿਰਫ਼ 'ਆਪ' ਸਰਕਾਰ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਲਈ ਮਜਬੂਰ ਕਰੇਗੀ, ਸਗੋਂ ਹਰ ਔਰਤ ਲਈ 36,000 ਰੁਪਏ ਦੇ ਬਕਾਏ ਦੀ ਅਦਾਇਗੀ ਲਈ ਵੀ ਮਜ਼ਬੂਰ ਕਰੇਗੀ।
ਵੜਿੰਗ ਨੇ ਕਾਂਗਰਸ ਪਾਰਟੀ ਦੀ ਮੰਗ ਨੂੰ ਦੁਹਰਾਇਆ ਕਿ ਪੰਜਾਬ ਵਿਧਾਨ ਸਭਾ ਵਿੱਚ 33 ਪ੍ਰਤੀਸ਼ਤ ਸੀਟਾਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਨੇ ਸੂਬੇ ਭਰ ਦੀਆਂ ਮਹਿਲਾ ਕਾਂਗਰਸ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵਰਕਰਾਂ ਦੇ ਇੰਨੇ ਵੱਡੇ ਇਕੱਠ ਨੂੰ ਲਾਮਬੰਦ ਕਰਨ ਲਈ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ।
ਇਸ ਮੌਕੇ ਬੋਲਦਿਆਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਨੂੰ ਯਾਦ ਦਿਵਾਇਆ ਕਿ ਕਿਵੇਂ ਪਾਰਟੀ ਨੇ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ ਅਪ੍ਰੈਲ 2022 ਤੋਂ ਉਹ ਉਨ੍ਹਾਂ ਨੂੰ ਹਰ ਮਹੀਨੇ 1000 ਰੁਪਏ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਾਅਦ ਵਿੱਚ ਵਾਅਦਾ ਕੀਤਾ ਸੀ ਕਿ ਸੰਸਦੀ ਚੋਣਾਂ ਦੀ ਸਮਾਪਤੀ ਤੋਂ ਬਾਅਦ 1000 ਰੁਪਏ ਦੀ ਨਕਦ ਸਹਾਇਤਾ ਦਿੱਤੀ ਜਾਵੇਗੀ। ਸੰਸਦੀ ਚੋਣਾਂ ਪੂਰੀਆਂ ਹੋਏ ਲਗਭਗ ਦਸ ਮਹੀਨੇ ਬੀਤ ਚੁੱਕੇ ਹਨ, ਫਿਰ ਵੀ 'ਆਪ' ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ।
ਇਕੱਠ ਨੂੰ ਸੰਬੋਧਨ ਕਰਦਿਆਂ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤੱਕ ਲੜਦੀ ਰਹੇਗੀ ਜਦੋਂ ਤੱਕ ਔਰਤਾਂ ਨੂੰ ਉਹ ਨਹੀਂ ਮਿਲਦਾ ਜੋ ਵਾਅਦਾ ਉਨ੍ਹਾਂ ਨਾਲ ਕੀਤਾ ਗਿਆ ਸੀ। ਉਹਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ "ਸਾਨੂੰ ਹਲਕੇ ਵਿੱਚ ਨਾ ਲਓ", ਇਹ ਵਿਰੋਧ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।”