
Abohar Accident News: ਪਸ਼ੂਆਂ ਲਈ ਚਾਰਾ ਲੈਣ ਗਿਆ ਸੀ ਮ੍ਰਿਤਕ, ਰਸਤੇ ਵਿਚ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ
Abohar Accident News in punjabi : ਅਬੋਹਰ ਦੇ ਸੱਪਾਂਵਾਲੀ ਪਿੰਡ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਨਾਲ ਇੱਕ 60 ਸਾਲਾ ਖੇਤ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਸੈਦਾਂਵਾਲੀ ਪਿੰਡ ਦਾ ਰਹਿਣ ਵਾਲਾ ਓਮ ਪ੍ਰਕਾਸ਼ (60) ਬੁੱਧਵਾਰ ਸਵੇਰੇ ਸੱਪਾਂਵਾਲੀ ਤੋਂ ਆਪਣੇ ਸਾਈਕਲ 'ਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਘਰ ਵਾਪਸ ਆ ਰਿਹਾ ਸੀ। ਪਿੰਡ ਸੱਪਾਂਵਾਲੀ ਨੇੜੇ, ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਓਮ ਪ੍ਰਕਾਸ਼ ਡਿੱਗ ਪਿਆ ਅਤੇ ਸੜਕ 'ਤੇ ਡਿੱਗਦੇ ਹੀ ਉਸ ਦੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮ੍ਰਿਤਕ ਦੇ ਪਰਿਵਾਰ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਖੁਈਆਂ ਸਰਵਰ ਥਾਣੇ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਖੇਤ ਮਜ਼ਦੂਰ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰ ਚਾਲਕ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਫ਼ੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਿੱਚ ਨੁਕਸਾਨੀ ਗਈ ਕਾਰ ਅਤੇ ਸਾਈਕਲ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ।
ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਓਮ ਪ੍ਰਕਾਸ਼ ਇੱਕ ਮਿਹਨਤੀ ਕਿਸਾਨ ਮਜ਼ਦੂਰ ਸੀ ਅਤੇ ਮਿਹਨਤ ਮਜਦੂਰੀ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਦੀ ਬੇਵਕਤੀ ਮੌਤ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।
(For more news apart from 'Abohar Accident News in punjabi ', stay tune to Rozana Spokesman)