
Nangal News : ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ ਸਿੰਜਾਈ ਨਹਿਰਾਂ ਰਾਹੀਂ ਹੋ ਰਹੀ ਹੈ, ਕੋਈ ‘ਵਾਧੂ ਪਾਣੀ’ ਨਹੀਂ ਬਚਿਆ: ਸੀ.ਐਮ. ਭਗਵੰਤ ਮਾਨ
Nangal News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।
ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀ.ਬੀ.ਐਮ.ਬੀ. ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ.ਬੀ.ਐਮ.ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀ.ਬੀ.ਐਮ.ਬੀ. ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ.ਬੀ.ਐਮ.ਬੀ., ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ਵਿੱਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤੀ ਗਈ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।
ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਯੋਗ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਇਸ ਨੂੰ ਹੁਣ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫ਼ੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।
ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਇਹ ਇੱਕੋ-ਇੱਕ ਵਿਹਾਰਕ ਵਿਕਲਪ ਹੈ, ਜਿਸ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਸਾਡੇ ਆਪਣੇ ਖੇਤ ਸੁੱਕੇ ਹਨ ਤਾਂ ਅਸੀਂ ਹਰਿਆਣਾ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲਗਪਗ 60 ਫੀਸਦੀ ਖੇਤਾਂ ਨੂੰ ਨਹਿਰਾਂ ਰਾਹੀਂ ਸਿੰਜਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਤੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਰਿਆਦਿਲੀ ਦਿਖਾਉਂਦੇ ਹੋਏ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਪਿਆਸੇ ਨੂੰ ਪਾਣੀ ਦੇਣਾ ਇੱਕ ਮਹਾਨ ਪੁੰਨ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।
(For more news apart from BBMB became a puppet center: Conspiracy loot Punjab's water failed - CM Mann sharp attack News in Punjabi, stay tuned to Rozana Spokesman)