
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਕੀਤੇ ਹਮਲੇ ਬਾਰੇ ਰੂਪਨਗਰ ਦੀ ਡਿਪਟੀ ਕਮਿਸ਼ਨਰ ...
ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਕੀਤੇ ਹਮਲੇ ਬਾਰੇ ਰੂਪਨਗਰ ਦੀ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰੀਪੋਰਟ ਦੀ ਮੰਗ ਕੀਤੀ ਹੈ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ 'ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ।
ਵਿਧਾਇਕ ਸੰਦੋਆ ਉਪਰ ਹੋਏ ਹਮਲੇ ਦੇ ਸਬੰਧ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮੁੱਖ ਮੰਤਰੀ ਨੇ ਬਾਕੀ ਸ਼ੱਕੀਆਂ ਉਪਰ ਵੀ ਕਾਰਵਾਈ ਕਰਨ ਲਈ ਡੀਜੀਪੀ ਨੂੰ ਆਖਿਆ ਹੈ ਤਾਂ ਜੋ ਹੋਰਨਾਂ ਦੀ ਵੀ ਤੁਰੰਤ ਗਿਰਫ਼ਤਾਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ
ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਨੂੰ ਪੁਲਿਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿਤੇ ਹਨ।