
ਰਾਠੌਰ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 29 ਤੋਂ ਲੰਮੇ ਸਮੇਂ ਤੋਂ ਚੱਲੇ ਆ ਰਹੇ ਕੌਂਸਲਰ ਤਰਲੋਚ ਸਿੰਘ ਠੇਕੇਦਾਰ......
ਬਠਿੰਡਾ : ਰਾਠੌਰ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 29 ਤੋਂ ਲੰਮੇ ਸਮੇਂ ਤੋਂ ਚੱਲੇ ਆ ਰਹੇ ਕੌਂਸਲਰ ਤਰਲੋਚ ਸਿੰਘ ਠੇਕੇਦਾਰ ਨੇ ਅੱਜ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਇਹ ਕਦਮ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਰਾਠੋੜ ਭਾਈਚਾਰੇ ਨਾਲ ਸਬੰਧਤ ਲੜਕੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਖ਼ਾਲਸਾ ਦੀਵਾਨ ਸ਼੍ਰੀ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਸਿੱਧੂ ਵਿਰੁਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਚੁੱਕਿਆ ਹੈ। ਤਰਲੋਚ ਸਿੰਘ ਨੇ ਸ਼ਹਿਰੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁੱਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।
ਇੱਥੇ ਅਪਣੇ ਅਸਤੀਫ਼ੇ ਦੀ ਕਾਪੀ ਸੋਪਦਿਆਂ ਉਨ੍ਹਾਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ 'ਤੇ ਪਾਰਟੀ ਦੇ ਆਗੂਆਂ ਦੀ ਸੁਣਵਾਈ ਨਾ ਕਰਨ ਅਤੇ ਗੈਰ ਸਮਾਜੀ ਅਨਸਰਾਂ ਦੀ ਹਮਾਇਤ ਕਰਨ ਦੇ ਗੰਭੀਰ ਦੋਸ਼ ਲਗਾਏ। ਤਰਲੋਚ ਸਿੰਘ ਨੇ ਕਿਹਾ ਕਿ ਬਠਿੰਡਾ ਵਿੱਚ ਖਾਲਸਾ ਦੀਵਾਨ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਵਲੋਂ ਉਨ੍ਹਾਂ ਦੀ ਰਿਸ਼ਤੇਦਾਰ ਦਲਿਤ ਲੜਕੀ ਨਾਲ ਧੱਕੇਸ਼ਾਹੀ ਕੀਤੀ ਗਈ ਪ੍ਰੰਤੂ ਇਸ ਮਸਲੇ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਰਾਠੌਰ ਭਾਈਚਾਰੇ ਅਤੇ ਉਕਤ ਦਲਿਤ ਪਰਿਵਾਰ ਦੀ ਹਮਾਇਤ ਕਰਨ ਦੀ ਬਜਾਏ ਕਥਿਤ ਦੋਸ਼ੀ ਅਕਾਲੀ ਆਗੂ ਰਜਿੰਦਰ ਸਿੰਘ ਸਿੱਧੂ ਦੀ ਹਮਾਇਤ ਕਰਕੇ
ਸਪੱਸਟ ਕਰ ਦਿੱਤਾ ਕਿ ਉਨ੍ਹਾਂ ਦਾ ਅਕਾਲੀ ਦਲ ਜਾਂ ਇਸ ਦੀਆਂ ਨੀਤੀਆਂ ਨਾਲ ਕੋਈ ਸਾਰੋਕਾਰ ਨਹੀਂ। ਤਰਲੋਚ ਸਿੰਘ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ 'ਤੇ ਲੋਕਲ ਲੀਡਰਸ਼ਿਪ ਵੱਲੋਂ ਰਾਠੌਰ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀਆਂ ਧੱਕੇਸ਼ਾਹੀਆਂ ਸਬੰਧੀ ਉਨ੍ਹਾਂ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੱਕ ਵੀ ਪਹੁੰਚ ਕਰਕੇ ਸਾਰੀ ਦੁੱਖ ਭਰੀ ਦਾਸਤਾਨ ਸੁਣਾਈ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ।
ਜਿਸ ਕਰਕੇ ਉਹ ਇਸ ਧੱਕੇ ਸ਼ਾਹੀਆਂ ਤੋਂ ਦੁੱਖੀ ਹੋ ਕੇ ਮਾਨਸਿਕ ਪ੍ਰੇਸ਼ਾਨੀ ਕਰਕੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਵੀਹ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਦੇ ਤੌਰ ਤੇ ਕੰਮ ਕਰ ਰਹੇ ਸਨ ਅਤੇ ਵੀਹ ਸਾਲਾਂ ਤੋਂ ਹੀ ਉਹ ਵਾਰਡ ਦੇ ਬਤੌਰ ਐੱਮ ਸੀ ਜਿੱਤ ਕੇ ਸੇਵਾ ਨਿਭਾ ਰਹੇ ਸਨ।