
ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ 'ਤੇ ਪੂਰੇ ਦੇਸ਼ ਨੂੰ ਮਾਣ : ਕੈਪਟਨ ਅਮਰਿੰਦਰ ਸਿੰਘ
ਪਟਿਆਲਾ, 20 ਜੂਨ (ਤੇਜਿੰਦਰ ਫ਼ਤਿਹਪੁਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਵਾਰ ਨਾਲ ਅੱਜ ਸ਼ਾਮ ²ਫ਼ੋਨ 'ਤੇ ਵੀਡੀਉ ਕਾਲ ਰਾਹੀਂ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ਼ਹੀਦ ਮਨਦੀਪ ਸਿੰਘ ਨਾਲ ਫ਼ੋਨ 'ਤੇ ਇਹ ਵੀਡੀਉ ਕਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਪਿੰਡ ਸੀਲ ਵਿਖੇ ਪਰਵਾਰ ਕੋਲ ਜਾ ਕੇ ਕਰਵਾਈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੀ ਮਾਤਾ ਸ੍ਰੀਮਤੀ ਸ਼ੰਕੁਤਲਾ ਕੌਰ ਨਾਲ ਅਫ਼ੋਸਸ ਪ੍ਰਗਟਾਉਂਦਿਆਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਰੈਜੀਮੈਟ 'ਥਰਡ ਮੀਡੀਅਮ ਆਰਟਲਰੀ' ਹਿੰਦੁਸਤਾਨ ਦੀ ਇਕ ਨੰਬਰ ਪਲਟਨ ਹੈ ਅਤੇ ਅਜਿਹੀ ਪਲਟਨ 'ਚ ਮਨਦੀਪ ਸਿੰਘ ਦਾ ਨਾਇਬ ਸੂਬੇਦਾਰ ਦੇ ਅਹੁਦੇ ਤਕ ਪੁੱਜਣਾ ਵੱਡੀ ਗੱਲ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਫ਼ਖਰ ਹੈ ਕਿ ਸ਼ਹੀਦ ਮਨਦੀਪ ਸਿੰਘ ਨੇ ਆਪਣੀ ਹਿੰਮਤ, ਦਲੇਰੀ ਅਤੇ ਮਿਹਨਤ ਨਾਲ ਪਲਟਨ 'ਚ ਬਹੁਤ ਨਾਮ ਕਮਾਇਆ ਸੀ ਅਤੇ ਉਹ ਇਕ ਬਹੁਤ ਹੀ ਵਧੀਆ ਅਫ਼ਸਰ ਸੀ। ਸ਼ਹੀਦ ਦੀ ਪਤਨੀ ਸ੍ਰੀਮਤੀ ਗੁਰਦੀਪ ਕੌਰ ਨੇ ਅਪਣੇ ਪਤੀ ਦੀ ਬਹਾਦਰੀ ਬਾਰੇ ਦਸਦਿਆਂ ਕਿਹਾ ਕਿ ਉਨ੍ਹਾਂ ਨੇ ਨਿਹੱਥੇ ਹੋਣ ਦੇ ਬਾਵਜੂਦ ਦੁਸ਼ਮਣ ਦੀ ਫ਼ੌਜ ਦਾ ਡੱਟ ਕੇ ਟਾਕਰਾ ਕੀਤਾ, ਇਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਫ਼ੌਜ ਤੋਂ ਪਤਾ ਲੱਗਿਆ ਹੈ
ਕਿ ਸ਼ਹੀਦ ਮਨਦੀਪ ਸਿੰਘ ਨੇ ਬਹੁਤ ਹੀ ਦਲੇਰੀ ਦਿਖਾਈ ਅਤੇ ਸ਼ਹਾਦਤ ਦਾ ਜਾਮ ਪੀਤਾ, ਜਿਸ 'ਤੇ ਉਨ੍ਹਾਂ ਨੂੰ ਖ਼ੁਦ ਅਤੇ ਪੂਰੇ ਦੇਸ਼ ਨੂੰ ਉਸ ਦੀ ਸ਼ਹਾਦਤ 'ਤੇ ਫ਼ਖਰ ਹੈ। ਸ੍ਰੀਮਤੀ ਗੁਰਦੀਪ ਕੌਰ ਵਲੋਂ ਅਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਫ਼ਿਕਰ ਦਾ ਇਜ਼ਹਾਰ ਕਰਨ 'ਤੇ ਮੁੱਖ ਮੰਤਰੀ ਨੇ ਸ਼ਹੀਦ ਦੀ ਪਤਨੀ ਸਮੇਤ ਪੂਰੇ ਪਰਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ 'ਚ ਸ਼ਹੀਦ ਦੇ ਪਰਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਇਸ ਲਈ ਸ਼ਹੀਦ ਦਾ ਪਰਵਾਰ ਕਿਸੇ ਵੀ ਗੱਲ ਦੀ ਕੋਈ ਚਿੰਤਾ ਜਾਂ ਫ਼ਿਕਰ ਨਾ ਕਰੇ।
File Photo
ਸ਼ਹੀਦ ਦੇ ਪਰਵਾਰ ਨੇ ਮੁੱਖ ਮੰਤਰੀ ਨੂੰ ਦਸਿਆ ਕਿ ਸ਼ਹੀਦ ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਦਿਨ ਸ਼ੁੱਕਰਵਾਰ ਨੂੰ ਪਿੰਡ ਸੀਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੀ ਪਤਨੀ ਵਲੋਂ ਅਪਣੀ ਯੋਗਤਾ ਐਮ.ਏ. ਇਤਿਹਾਸ ਦੱਸਣ 'ਤੇ ਕਿਹਾ ਕਿ ਉਹ ਕਿਸੇ ਵੀ ਪ੍ਰਕਾਰ ਦੀ ਚਿੰਤਾ ਨਾ ਕਰੇ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਤਾਂ ਜ਼ਰੂਰ ਦੇਵੇਗੀ ਹੀ ਸਗੋਂ ਜੇਕਰ ਕੋਈ ਹੋਰ ਮੁਸ਼ਕਲ ਹੋਵੇ ਤਾਂ ਉਸ ਲਈ ਵੀ ਸਰਕਾਰ ਉਨ੍ਹਾਂ ਦੇ ਨਾਲ ਹਰ ਪੱਖੋਂ ਸਹਿਯੋਗ ਕਰੇਗੀ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ ਨੂੰ ਸ਼ਹੀਦ ਮਨਦੀਪ ਸਿੰਘ ਦੇ ਪਰਵਾਰ ਦੀ ਆਰਥਕ ਹਾਲਤ ਤੋਂ ਜਾਣੂ ਕਰਵਾਇਆ ਅਤੇ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਰੱਖੀ। ਇਸ ਮੌਕੇ ਸ਼ਹੀਦ ਦੇ ਦੋਵੇਂ ਬੱਚੇ ਬੇਟੀ ਮਹਿਕਪ੍ਰੀਤ ਕੌਰ, ਬੇਟਾ ਜੋਬਨਪ੍ਰੀਤ ਸਿੰਘ, ਚਚੇਰਾ ਭਰਾ ਕੈਪਟਨ (ਰਿਟਾ) ਨਿਰਮਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਸਮੇਤ ਸ਼ਹੀਦ ਦੀਆਂ ਭੈਣਾਂ ਸਮੇਤ ਹੋਰ ਪਰਵਾਰਕ ਮੈਂਬਰ ਮੌਜੂਦ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਅੱਜ ਸ਼ਾਮ ਫੋਨ 'ਤੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ।