
ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ
ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਨੰਗਲ ਫਲਾਈਓਵਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਉਸਾਰੀ ਕੰਪਨੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ ਜਿਸ ਕਾਰਨ ਨੰਗਲ ਸ਼ਹਿਰ ਦੇ ਲੋਕਾਂ ਦੇ ਨਾਲ ਨਾਲ ਗੁਆਂਢੀ ਰਾਜ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪੁਲ ਦੀ ਉਸਾਰੀ ਸਬੰਧੀ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਮੀਟਿੰਗ ਦੌਰਾਨ ਉਸਾਰੀ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਬੇਮੌਸਮੀ ਬਾਰਸ਼ ਕਾਰਨ ਫਲਾਈਓਵਰ ਦੇ ਕੰਮ ਵਿੱਚ ਦੇਰੀ ਹੋਈ ਹੈ ਅਤੇ ਹੁਣ ਵੀ ਦਰਿਆਵਾਂ ਅਤੇ ਖੱਡਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਉਸਾਰੀ ਮਟੀਰੀਅਲ ਦੀ ਘਾਟ ਕਾਰਨ ਦਿੱਕਤ ਆ ਰਹੀ ਹੈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ, ਰੇਲਵੇ ਵਿਭਾਗ ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਸ਼ਾਮਲ ਸਨ।