
ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਚੇਅਰਮੈਨ ਹਨ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸੀਮਾ ਜੈਨ, ਵਧੀਕ ਡਾਇਰੈਕਟਰ ਦਰਸ਼ਨ ਸਿੰਘ ਸਿੱਧੂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ 28 ਸਤੰਬਰ ਲਈ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ।
ਦਰਅਸਲ, ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨਾਤਿਆ ਕੁਮਾਰ ਨੇ ਹਾਈ ਕੋਰਟ ਵਿਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਪਟੀਸ਼ਨਰ ਨੇ ਕਿਹਾ ਹੈ ਕਿ ਉਸ ਨੂੰ ਅਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿਤੀਆਂ ਗਈਆਂ ਹਨ। ਕੇਸ ਵਿਚ 16 ਮਈ 2023 ਨੂੰ ਹਾਈ ਕੋਰਟ ਵੱਲੋਂ ਸੰਸਥਾ ਦੀ ਜਾਇਦਾਦ ਵੇਚਣ ਅਤੇ ਪਟੀਸ਼ਨਰ ਅਤੇ ਹੋਰ ਸਟਾਫ਼ ਨੂੰ ਤਨਖਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਇੱਕ ਮਹੀਨੇ ਦਾ ਸਮਾਂ ਦਿਤਾ ਗਿਆ ਸੀ। ਪਰ ਸੂਬਾ ਸਰਕਾਰ ਨੇ ਇਸ ਸਮੇਂ ਦੀ ਮਿਆਦ ਪੂਰੀ ਹੋਣ ਤੱਕ ਮੁਲਾਜ਼ਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਦੋ ਮਹੀਨਿਆਂ ਤੋਂ ਰਿਮਾਈਂਡਰ ਦਿਤੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਨੇ ਤਨਖਾਹਾਂ ਨਹੀਂ ਦਿਤੀਆਂ। ਹੁਣ ਪਟੀਸ਼ਨਰ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ। ਪਰ ਉਨ੍ਹਾਂ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ ਦਿਤੇ ਗਏ ਅਤੇ ਨਾ ਹੀ ਪ੍ਰਮੁੱਖ ਸਕੱਤਰ ਤੇ ਵਧੀਕ ਡਾਇਰੈਕਟਰ ਵਲੋਂ ਕੋਈ ਨੋਟਿਸ ਲਿਆ ਗਿਆ।
ਹਾਈ ਕੋਰਟ ਵੱਲੋਂ ਜਵਾਬਦੇਹੀ ਨੂੰ ਸੁਣਵਾਈ ਤੋਂ ਪਹਿਲਾਂ ਪਿਛਲੇ ਹਫ਼ਤੇ ਹੁਕਮਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਅਜਿਹਾ ਕਰਨ ਵਿਚ ਅਸਫਲ ਰਹਿਣ 'ਤੇ, ਜਵਾਬਦੇਹ/ਸਬੰਧਤ ਅਧਿਕਾਰੀ ਨੂੰ ਅਦਾਲਤ ਵਿਚ ਨਿੱਜੀ ਤੌਰ 'ਤੇ ਹਾਜ਼ਰ ਰਹਿਣ ਦਾ ਹੁਕਮ ਦਿਤਾ ਗਿਆ ਸੀ।