'NEET ਪੇਪਰ ਲੀਕ ਮਾਮਲੇ 'ਤੇ ਸਰਕਾਰ ਦੀ ਚੁੱਪੀ ਲੋਕਤੰਤਰ ਲਈ ਚਿੰਤਾਜਨਕ, ਵਿਦਿਆਰਥੀਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ'
ਚੰਡੀਗੜ੍ਹ: ਸਾਬਕਾ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ NEET ਪੇਪਰ ਲੀਕ ਮਾਮਲੇ ਵਿੱਚ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਦੇ ਬਾਵਜੂਦ ਕੇਂਦਰ ਸਰਕਾਰ ਦੀ ਚੁੱਪੀ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਆਵਾਜ਼ ਉਠਾ ਰਹੇ ਸਨ, ਤਾਂ ਸਰਕਾਰ ਨੇ ਉਨ੍ਹਾਂ ਦੀ ਪੀੜਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਲਟਾ ਦਿੱਲੀ ਪੁਲਿਸ ਵੱਲੋਂ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਦੇ ਬਾਹਰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸੀ ਸੰਸਦ ਮੈਂਬਰ ਵਿਦਿਆਰਥੀਆਂ ਦੇ ਮੁੱਦੇ 'ਤੇ ਸ਼ਾਂਤਮਈ ਅਤੇ ਲੋਕਤਾਂਤਰਿਕ ਢੰਗ ਨਾਲ ਜਵਾਬ ਮੰਗ ਰਹੇ ਸਨ, ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ। ਇਹ ਲੋਕਤੰਤਰ 'ਤੇ ਸਿੱਧਾ ਹਮਲਾ ਹੈ। ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਚੁੱਪ ਰਹਿਣ ਦੀ ਬਜਾਏ ਦੇਸ਼ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਿਹੜੇ ਠੋਸ ਕਦਮ ਚੁੱਕੇ ਜਾ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਸਰਕਾਰ ਤੋਂ ਜਵਾਬ ਮੰਗਣ ਦੀ ਹੁੰਦੀ ਹੈ। ਜੇਕਰ ਸੰਸਦ ਦੇ ਅੰਦਰ ਵਿਰੋਧੀ ਧਿਰ ਦੇ ਸਵਾਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾਂਦੀਆਂ ਹਨ ਅਤੇ ਸੰਸਦ ਤੋਂ ਬਾਹਰ ਵੀ ਜਵਾਬ ਮੰਗਣ ਵਾਲਿਆਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਤਾਂ ਇਹ ਸਿਹਤਮੰਦ ਲੋਕਤਾਂਤਰਿਕ ਪਰੰਪਰਾਵਾਂ ਦੇ ਅਨੁਕੂਲ ਨਹੀਂ ਹੈ।
ਉਨ੍ਹਾਂ ਕਿਹਾ ਕਿ NEET ਵਰਗੀ ਮਹੱਤਵਪੂਰਨ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਹੋਣ ਨਾਲ ਲੱਖਾਂ ਮਿਹਨਤੀ ਵਿਦਿਆਰਥੀਆਂ ਦਾ ਮਨੋਬਲ ਪ੍ਰਭਾਵਿਤ ਹੁੰਦਾ ਹੈ। ਅਜਿਹੇ ਮਾਮਲਿਆਂ ਵਿੱਚ ਸਰਕਾਰ ਦੀ ਪਹਿਲੀ ਤਰਜੀਹ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਹੋਣਾ ਚਾਹੀਦਾ ਹੈ। ਕਾਂਗਰਸ ਪਾਰਟੀ ਵਿਦਿਆਰਥੀਆਂ, ਨੌਜਵਾਨਾਂ ਅਤੇ ਲੋਕਤਾਂਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
